ਐਸ.ਆਈ.ਆਰ 2026 ਤਹਿਤ ਡਰਾਫਟ ਵੋਟਰ ਸੂਚੀ ਦੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਸ.ਆਈ.ਆਰ 2026 ਤਹਿਤ ਡਰਾਫਟ ਵੋਟਰ ਸੂਚੀ ਦੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਆਦਿੱਤਿਆ ਡੇਚਲਵਾਲ ਵੱਲੋਂ ਵੋਟਰਾਂ ਨੂੰ ਆਪਣੇ ਵੇਰਵੇ ਜ਼ਰੂਰ ਜਾਂਚਣ ਦੀ ਅਪੀਲ
ਰੂਪਨਗਰ, 16 ਅਗਸਤ: ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਤੇ ਐੱਸ.ਆਈ.ਆਰ.-2026 ਦੇ ਸ਼ੈਡਿਊਲ ਅਨੁਸਾਰ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਵੋਟਰ ਸੂਚੀ ਦਿਖਾਉਣ ਅਤੇ ਆਪਣੇ ਨਾਮ ਤੇ ਹੋਰ ਵੇਰਵਿਆਂ ਦੀ ਜਾਂਚ ਕਰਵਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ ਹੋਏ।
ਇਸ ਕੈਂਪ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐੱਲ.ਓ.) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਕਰਨ ਲਈ ਸਹਿਯੋਗ ਦਿੱਤਾ। ਇਸ ਦੇ ਨਾਲ ਹੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਨਾਮ ਹਟਾਉਣ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਸਬੰਧੀ ਨਿਰਧਾਰਤ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਲਈ ਸੁਵਿਧਾ ਪ੍ਰਦਾਨ ਕਰਨਾ ਅਤੇ ਯੋਗ ਵੋਟਰਾਂ ਨੂੰ ਨਾਮ ਦਰਜ ਕਰਵਾਉਣ ਜਾਂ ਲੋੜੀਂਦੀ ਸੋਧ ਕਰਵਾਉਣ ਸਬੰਧੀ ਮਾਰਗਦਰਸ਼ਨ ਦੇਣਾ ਸੀ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੋਟਰਾਂ ਵੱਲੋਂ ਆਪਣੇ ਵੇਰਵਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੌਰਾਨ ਜਿਨ੍ਹਾਂ ਵੋਟਰਾਂ ਦੀ ਵੋਟ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀਂ ਹੋ ਸਕੀ, ਉਨ੍ਹਾਂ ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 13 ਅਗਸਤ 2026 ਤੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਨੋਟਿਸ ਪ੍ਰਾਪਤ ਹੋਣ ਉਪਰੰਤ ਸਬੰਧਤ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਪੇਸ਼ ਕਰ ਸਕਦਾ ਹੈ। ਸਬੰਧਤ ਵਿਭਾਗ ਵੱਲੋਂ ਦਸਤਾਵੇਜ਼ ਦੀ ਤਸਦੀਕ/ਪੜਤਾਲ ਉਪਰੰਤ ਹੀ ਸਬੰਧਤ ਈ.ਆਰ.ਓ. ਵੱਲੋਂ ਮਾਮਲੇ ਦਾ ਨਿਪਟਾਰਾ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 12 ਸਤੰਬਰ 2026 ਤੱਕ ਕੀਤਾ ਜਾਣਾ ਹੈ, ਜਦਕਿ ਜਾਰੀ ਕੀਤੇ ਨੋਟਿਸਾਂ ਨਾਲ ਸਬੰਧਤ ਪ੍ਰਕਿਰਿਆ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਜ਼ਰੂਰ ਜਾਂਚਣ। ਜੇਕਰ ਕਿਸੇ ਕਿਸਮ ਦੀ ਗਲਤੀ, ਕਮੀ ਜਾਂ ਸੋਧ ਦੀ ਲੋੜ ਹੋਵੇ ਤਾਂ ਨਿਰਧਾਰਤ ਫਾਰਮ ਰਾਹੀਂ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਇਆ ਜਾਵੇ। ਵੋਟਰ ਆਪਣੇ ਸਬੰਧਤ ਬੀ.ਐੱਲ.ਓ. ਨਾਲ ਸੰਪਰਕ ਕਰਕੇ ਵੋਟਰ ਸੂਚੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਵੀ ਪ੍ਰਾਪਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ 13 ਅਗਸਤ 2026 ਨੂੰ ਐੱਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੀ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ। ਡਰਾਫਟ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 5,23,752 ਵੋਟਰ ਹਨ, ਜਿਨ੍ਹਾਂ ਵਿੱਚ 2,72,270 ਪੁਰਸ਼, 2,51,470 ਮਹਿਲਾ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਜ਼ਿਲ੍ਹੇ ਵਿੱਚ 18-19 ਸਾਲ ਉਮਰ ਵਰਗ ਦੇ 3,987 ਅਤੇ 80 ਸਾਲ ਤੋਂ ਵੱਧ ਉਮਰ ਦੇ 11,105, 4,621 ਸਰਵਿਸ ਵੋਟਰ ਅਤੇ 3,463 ਦਿਵਿਆਂਗ ਵੋਟਰ ਦਰਜ ਹਨ।