Close

On the occasion of Independence Day, Deputy Commissioner Shri Aditya Dechalwal hoisted the national flag at Rupnagar.

Publish Date : 15/08/2026
On the occasion of Independence Day, Deputy Commissioner Shri Aditya Dechalwal hoisted the national flag at Rupnagar.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ

ਜ਼ਿਲ੍ਹੇ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਵਾਈਆਂ

ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ

ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ‘ਚ ਛੁੱਟੀ ਦਾ ਕੀਤਾ ਐਲਾਨ

ਰੂਪਨਗਰ, 15 ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ।

ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ, ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ, ਸਦਭਾਵਨਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 31,780 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ 5 ਸਕੂਲ ਆਫ਼ ਐਮੀਨੈਂਸ ਤੇ 7 ਪੀ.ਐੱਮ. ਸ੍ਰੀ ਸਕੂਲ ਚੱਲ ਰਹੇ ਹਨ। ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਅਤੇ 12 ਨੇ ਨੀਟ ਵਿੱਚ ਸਫਲਤਾ ਹਾਸਲ ਕੀਤੀ ਹੈ। ਪਿੰਡ ਪਪਰਾਲੀ ਦੀ ਮਹਿਕਪ੍ਰੀਤ ਕੌਰ ਵੱਲੋਂ ਭਾਰਤੀ ਹਵਾਈ ਸੈਨਾ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨਾ ਵੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਅਤੇ ਮੌਜੂਦਾ ਸਾਲ ਦੌਰਾਨ 13.9 ਕਰੋੜ ਰੁਪਏ ਖਰਚ ਕੀਤੇ ਗਏ ਹਨ। ਖੇਡਾਂ ਵਿੱਚ ਵੀ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਤਗਮੇ ਜਿੱਤੇ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੀਂ ਸ਼ੂਟਿੰਗ ਰੇਂਜ ਅਤੇ ਐਸਟ੍ਰੋਟਰਫ ਅਤੇ ਨੰਗਲ ਵਿਖੇ ਤੈਰਾਕੀ ਤਲਾਬ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਸਿਹਤ ਖੇਤਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ ਜਾਰੀ ਹੈ। ਜ਼ਿਲ੍ਹੇ ਵਿੱਚ 1.63 ਲੱਖ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ ਅਤੇ 33 ਹਸਪਤਾਲਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੂਪਨਗਰ ਅਤੇ ਨੰਗਲ ਵਿਖੇ 6-6 ਆਈ.ਸੀ.ਯੂ. ਬਿਸਤਰਿਆਂ ਦੀ ਸਹੂਲਤ ਅਤੇ ਸਿਵਲ ਹਸਪਤਾਲ ਰੂਪਨਗਰ ਵਿਖੇ ਐੱਮ.ਆਰ.ਆਈ. ਮਸ਼ੀਨ ਦੀ ਸਹੂਲਤ ਜਲਦ ਉਪਲਬਧ ਹੋਵੇਗੀ।

ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਰੂਪਨਗਰ ਬੱਸ ਸਟੈਂਡ ਦੀ 26.73 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਰੀ ਹੈ, ਜਦਕਿ ਜ਼ਿਲ੍ਹੇ ਵਿੱਚ 9 ਪੁਲਾਂ ਲਈ 158 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ।

ਰੋਜ਼ਗਾਰ ਖੇਤਰ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਗਸਤ 2025 ਤੋਂ ਜੁਲਾਈ 2026 ਤੱਕ 82 ਰੋਜ਼ਗਾਰ ਕੈਂਪ ਲਗਾ ਕੇ 2,168 ਉਮੀਦਵਾਰਾਂ ਦੀ ਚੋਣ ਕਰਵਾਈ ਗਈ। ਇਸੇ ਦੌਰਾਨ 392 ਕਰੀਅਰ ਸਮਾਗਮਾਂ ਰਾਹੀਂ 12,922 ਨੌਜਵਾਨਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਮੋਬਾਈਲ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸੰਜਮ ਨਾਲ ਕਰਨ, ਆਰਟੀਫਿਸ਼ਲ ਇੰਟੈਲੀਜੈਂਸ ਨੂੰ ਸਿੱਖਣ ਦੇ ਸਾਧਨ ਵਜੋਂ ਵਰਤਣ, ਮਿਹਨਤ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਹਿੱਸਾ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਰੂਪਨਗਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ 6.5 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਡਿਪਟੀ ਕਮਿਸ਼ਨਰ ਨੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਸਮਾਗਮ ਦੌਰਾਨ ਪੁਲਿਸ ਅਤੇ ਐੱਨ.ਸੀ.ਸੀ. ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।

ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਿਲ ਕਰਨ ਵਾਲੇ, ਸਮਾਜ ਸੇਵੀਆਂ, ਜ਼ਿਲ੍ਹਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਵਾਲਿਆਂ, ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ, ਜ਼ਿਲ੍ਹਾ ਮਾਲ ਅਫਸਰ ਜਸਵਿੰਦਰ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਸਿਵਲ ਸਰਜਨ ਡਾ. ਬੌਬੀ ਗੁਲਾਟੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਪ੍ਰਿੰਸੀਪਲ ਜੱਜ, ਪਰਿਵਾਰਕ ਅਦਾਲਤ ਮੋਨਿਕਾ ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਤਿਮਾ ਅਰੋੜਾ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਮੁੱਖ ਨਿਆਂਇਕ ਮੈਜਿਸਟਰੇਟ ਸੁਖਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਨਿਆਂਇਕ ਮੈਜਿਸਟਰੇਟ ਬਲਵਿੰਦਰ ਕੌਰ ਧਾਲੀਵਾਲ, ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਨਿਆਂਇਕ ਮੈਜਿਸਟਰੇਟ ਜੋਸ਼ਿਕਾ ਸੂਦ, ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਨਿਆਂਇਕ ਮੈਜਿਸਟਰੇਟ ਅਨਨਿਆ ਰਿਸ਼ੀ, ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਨਿਆਂਇਕ ਮੈਜਿਸਟਰੇਟ ਕਾਮਿਨੀ, ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਨਿਆਂਇਕ ਮੈਜਿਸਟਰੇਟ ਮਨੀਸ਼ਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿੰਦਰ ਕੌਰ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਮਾਰਕੀਟ ਕਮੇਟੀ ਚੇਅਰਮੈਨ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੈਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਪਰਮਿੰਦਰ ਸਿੰਘ ਬਾਲਾ, ਅਮਨਦੀਪ ਸਿੰਘ ਅਤੇ ਪ੍ਰੈੱਸ ਦੇ ਨੁਮਾਇੰਦੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।