Coordination and joint efforts of departments are very important for the eradication of leprosy: Dr. Pradeepta Kumar Naik
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ : ਡਾ. ਪ੍ਰਦੀਪਤਾ ਕੁਮਾਰ ਨਾਇਕ
ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵੱਲੋਂ ਰੂਪਨਗਰ ਜ਼ਿਲ੍ਹੇ ਦਾ ਦੌਰਾ
ਸਿਹਤ ਵਿਭਾਗ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕੋਹੜ ਰੋਕਥਾਮ, ਜਲਦ ਪਛਾਣ, ਇਲਾਜ ਅਤੇ ਮਰੀਜ਼ਾਂ ਦੀ ਦੇਖਭਾਲ ਸਬੰਧੀ ਪ੍ਰੋਗਰਾਮ ਦੀ ਕੀਤੀ ਸਮੀਖਿਆ
ਰੂਪਨਗਰ, 26 ਅਗਸਤ: ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਅੱਜ ਰੂਪਨਗਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੁਸ਼ਟ (ਲੈਪਰੋਸੀ) ਰੋਗ ਦੀ ਰੋਕਥਾਮ, ਜਲਦ ਪਛਾਣ, ਮੁਕੰਮਲ ਇਲਾਜ, ਮਰੀਜ਼ਾਂ ਦੀ ਦੇਖਭਾਲ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਵਿਸਸਮੀਖਿਆ ਕੀਤੀ ਗਈ।
ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਕਿਹਾ ਕਿ ਕੁਸ਼ਟ ਰੋਗ ਦਾ ਖਾਤਮਾ ਕੇਵਲ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਿਹਤ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਅਹਿਮ ਮਾਮਲਾ ਹੈ। ਇਸ ਲਈ ਕੁਸ਼ਟ ਰੋਗ ਦੀ ਰੋਕਥਾਮ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਿਹਤ ਵਿਭਾਗ ਦੇ ਨਾਲ ਹੋਰ ਸਰਕਾਰੀ ਵਿਭਾਗਾਂ, ਸਥਾਨਕ ਸੰਸਥਾਵਾਂ ਅਤੇ ਸਬੰਧਤ ਏਜੰਸੀਆਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦੀ ਜਲਦ ਪਛਾਣ ਅਤੇ ਸਮੇਂ ਸਿਰ ਇਲਾਜ ਨਾਲ ਨਾ ਸਿਰਫ਼ ਮਰੀਜ਼ ਨੂੰ ਬਿਮਾਰੀ ਤੋਂ ਮੁਕਤੀ ਦਿਵਾਉਣ ਵਿੱਚ ਮਦਦ ਮਿਲਦੀ ਹੈ, ਸਗੋਂ ਬਿਮਾਰੀ ਕਾਰਨ ਹੋਣ ਵਾਲੀਆਂ ਸਰੀਰਕ ਅਪੰਗਤਾਵਾਂ ਨੂੰ ਵੀ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਸ਼ਟ ਰੋਗ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦੀ ਜਾਂਚ ਅਤੇ ਮੁਫ਼ਤ ਇਲਾਜ ਦੀ ਸਹੂਲਤ ਯਕੀਨੀ ਬਣਾਈ ਜਾਵੇ।
ਡਾ. ਨਾਇਕ ਨੇ ਕੁਸ਼ਟ ਰੋਗ ਨਾਲ ਜੁੜੀਆਂ ਗਲਤ ਧਾਰਨਾਵਾਂ, ਡਰ ਅਤੇ ਸਮਾਜਿਕ ਭੇਦਭਾਵ ਨੂੰ ਖਤਮ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣਾ ਜ਼ਰੂਰੀ ਹੈ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ।
ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਹਰੇਕ ਵਿਅਕਤੀ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਮਾਣ-ਸਨਮਾਨ, ਸਮਾਜਿਕ ਸੁਰੱਖਿਆ ਅਤੇ ਬਰਾਬਰੀ ਦੇ ਅਧਿਕਾਰ ਮਿਲਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕੁਸ਼ਟ ਰੋਗੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਵੀ ਲੋੜੀਂਦੇ ਉਪਰਾਲੇ ਕੀਤੇ ਜਾਣ।
ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਰੂਪਨਗਰ ਜ਼ਿਲ੍ਹੇ ਵਿੱਚ ਕੁਸ਼ਟ ਰੋਗ ਦੀ ਰੋਕਥਾਮ ਅਤੇ ਇਲਾਜ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਲਦ ਪਛਾਣ, ਮਰੀਜ਼ਾਂ ਦੀ ਜਾਂਚ, ਇਲਾਜ ਅਤੇ ਫਾਲੋਅਪ ਲਈ ਸਿਹਤ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਡਾ. ਨਾਇਕ ਨੇ ਪ੍ਰੋਗਰਾਮ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਨਿਗਰਾਨੀ ਮਜ਼ਬੂਤ ਕਰਨ, ਸਿਹਤ ਕਰਮਚਾਰੀਆਂ ਅਤੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਤੱਕ ਸਿਹਤ ਤੇ ਸਮਾਜਿਕ ਸਹਾਇਤਾ ਦੀ ਪਹੁੰਚ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ, ਮੁਕੰਮਲ ਇਲਾਜ, ਜਾਗਰੂਕਤਾ ਅਤੇ ਭੇਦਭਾਵ ਰਹਿਤ ਵਾਤਾਵਰਣ ਹੀ ਕੁਸ਼ਟ ਰੋਗ ਦੇ ਖਾਤਮੇ ਵੱਲ ਸਭ ਤੋਂ ਪ੍ਰਭਾਵਸ਼ਾਲੀ ਕਦਮ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਦਿਆਂ ਕੁਸ਼ਟ ਰੋਗ ਤੋਂ ਪ੍ਰਭਾਵਿਤ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਠੋਸ ਯਤਨ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਸ਼ਟ ਰੋਗ ਦੀ ਰੋਕਥਾਮ, ਜਲਦ ਪਛਾਣ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮਾਣ-ਸਨਮਾਨ ਅਤੇ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਸਿਵਲ ਸਰਜਨ ਡਾ. ਬੌਬੀ ਗੁਲਾਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਐਸ.ਐਮ.ਓ. ਡਾ. ਹਰਪ੍ਰੀਤ ਕੌਰ, ਚਮੜੀ ਰੋਗਾਂ ਦੇ ਮਾਹਰ ਡਾ. ਅਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਇੰਦਰਜੀਤ ਸਿੰਘ, ਮਾਨਸਿਕ ਰੋਗਾਂ ਦੇ ਮਾਹਰ ਡਾ. ਕੰਵਰਬੀਰ ਸਿੰਘ ਸਮੇਤ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਿਹਤ ਕਰਮਚਾਰੀ ਮੌਜੂਦ ਸਨ।