ਬੰਦ ਕਰੋ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ

ਪ੍ਰਕਾਸ਼ਨ ਦੀ ਮਿਤੀ : 02/09/2026
Marathon dedicated to the birth anniversary of Sri Guru Ravidas Ji on September 6

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 6 ਸਤੰਬਰ ਨੂੰ

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ

ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਸਾਂਝਾ ਕੀਤਾ ਮੈਰਾਥਨ ਦਾ ਰੂਟ ਪਲਾਨ

ਰੂਪਨਗਰ, 2 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 6 ਸਤੰਬਰ 2026 ਨੂੰ ਰੂਪਨਗਰ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਮੈਰਾਥਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਸਬੰਧੀ ਪਵਿੱਤਰ ਸਿੱਖਿਆਵਾਂ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਸਮੂਹ ਭਾਗੀਦਾਰਾਂ ਲਈ ਰਿਪੋਰਟਿੰਗ ਦਾ ਸਮਾਂ ਸਵੇਰੇ 5 ਵਜੇ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਮੈਰਾਥਨ ਨੂੰ ਸਵੇਰੇ ਠੀਕ 6 ਵਜੇ ਅੰਬੇਡਕਰ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਸਮਾਨਤਾ, ਆਪਸੀ ਭਾਈਚਾਰੇ, ਮਨੁੱਖੀ ਏਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਇਸ ਮੈਰਾਥਨ ਰਾਹੀਂ ਉਨ੍ਹਾਂ ਦੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਹੋਰ ਵਿਸ਼ਾਲ ਪੱਧਰ ’ਤੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ, ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੈਰਾਥਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸਿਹਤਮੰਦ, ਨਸ਼ਾ-ਮੁਕਤ ਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣ।

ਮੈਰਾਥਨ ਦੇ ਰੂਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਮੈਰਾਥਨ ਸਵੇਰੇ 6 ਵਜੇ ਅੰਬੇਡਕਰ ਭਵਨ ਤੋਂ ਸ਼ੁਰੂ ਹੋਵੇਗੀ ਅਤੇ ਕਮੇਟੀ ਘਰ, ਰਾਮ ਲੀਲਾ ਗਰਾਊਂਡ, ਸਿਵਲ ਹਸਪਤਾਲ, ਬੇਲਾ ਚੌਂਕ, ਕਲਿਆਣ ਸਿਨੇਮਾ ਅਤੇ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਪਟਵਾਰਖਾਨਾ ਪਹੁੰਚੇਗੀ। ਪਟਵਾਰਖਾਨਾ ਮੈਰਾਥਨ ਦਾ ਟਰਨਿੰਗ ਪੁਆਇੰਟ ਹੋਵੇਗਾ, ਜਿੱਥੋਂ ਭਾਗੀਦਾਰ ਵਾਪਸੀ ਕਰਦੇ ਹੋਏ ਨਿਰਧਾਰਿਤ ਮਾਰਗ ਰਾਹੀਂ ਅੰਬੇਡਕਰ ਭਵਨ ਵਿਖੇ ਪਹੁੰਚ ਕੇ ਮੈਰਾਥਨ ਨੂੰ ਮੁਕੰਮਲ ਕਰਨਗੇ।

ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ, ਮੈਡਲ ਅਤੇ ਟੀ-ਸ਼ਰਟ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੈਰਾਥਨ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤ ਜੀਵਨ ਨਾਲ ਜੋੜਨ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੈਰਾਥਨ ਦਾ ਹਿੱਸਾ ਬਣਨ ਅਤੇ ਇਸ ਯਾਦਗਾਰੀ ਉਪਰਾਲੇ ਨੂੰ ਸਫ਼ਲ ਬਣਾਉਣ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੈਰਾਥਨ ਨੂੰ ਸੁਚਾਰੂ ਅਤੇ ਅਨੁਸ਼ਾਸਿਤ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 5 ਵਜੇ ਅੰਬੇਡਕਰ ਭਵਨ ਵਿਖੇ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਮੈਰਾਥਨ ਦੀ ਸ਼ੁਰੂਆਤ ਸਮੇਂ ਸਿਰ ਕੀਤੀ ਜਾ ਸਕੇ।