Development works should be completed within the stipulated time and dedicated to the people – Aditya Dechalwal
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਯਕੀਨੀ ਬਣਾਇਆ ਜਾਵੇ – ਅਦਿੱਤਿਆ ਡੇਚਲਵਾਲ
ਡਿਪਟੀ ਕਮਿਸ਼ਨਰ ਨੇ ਪੇਂਡੂ ਬੁਨਿਆਦੀ ਢਾਂਚੇ, ਸੜਕਾਂ, ਪੀਣ ਵਾਲੇ ਸਾਫ਼ ਪਾਣੀ, ਸਿਹਤ ਸਹੂਲਤਾਂ ਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕੀਤੀ ਵਿਆਪਕ ਸਮੀਖਿਆ
ਰੂਪਨਗਰ, 08 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਖਾਸ ਤੌਰ ’ਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਬਿਹਤਰੀ, ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਅਤੇ ਸਿਹਤ ਸਹੂਲਤਾਂ ਦੇ ਵਿਸਥਾਰ ਨਾਲ ਸਬੰਧਤ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਗੁਣਵੱਤਾ ਭਰਪੂਰ ਸਰਕਾਰੀ ਸੇਵਾਵਾਂ ਅਤੇ ਸਿਹਤਮੰਦ ਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਮਕਸਦ ਉਸ ਸਮੇਂ ਪੂਰਾ ਹੁੰਦਾ ਹੈ ਜਦੋਂ ਇਸ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚੇ। ਇਸ ਲਈ ਹਰੇਕ ਵਿਕਾਸ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਪੇਂਡੂ ਖੇਤਰਾਂ ਵਿੱਚ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਰੋਜ਼ਾਨਾ ਆਵਾਜਾਈ ਅਤੇ ਸਹੂਲਤਾਂ ਨਾਲ ਸਿੱਧੇ ਤੌਰ ’ਤੇ ਜੁੜੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਕਿਸੇ ਪ੍ਰਾਜੈਕਟ ਨੂੰ ਲੈ ਕੇ ਕੋਈ ਅੜਚਣ ਆ ਰਹੀ ਹੈ, ਉਸ ਦਾ ਤੁਰੰਤ ਹੱਲ ਕਰਕੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਉਪਲਬਧਤਾ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਹਰ ਘਰ ਤੱਕ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਪਹੁੰਚਾਉਣਾ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਪਾਣੀ ਸਪਲਾਈ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਅਤੇ ਕਾਰਜਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਬਣਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਸਹੂਲਤਾਂ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਨੇੜਲੇ ਖੇਤਰਾਂ ਵਿੱਚ ਹੀ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਸੜਕਾਂ, ਪੀਣ ਵਾਲਾ ਪਾਣੀ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚਾ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧਾ ਜੁੜਿਆ ਹੋਇਆ ਹੈ, ਇਸ ਲਈ ਇਨ੍ਹਾਂ ਨਾਲ ਸਬੰਧਤ ਪ੍ਰਾਜੈਕਟਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਿਰਫ਼ ਕੰਮ ਦੀ ਰਫ਼ਤਾਰ ਹੀ ਨਹੀਂ, ਸਗੋਂ ਉਸ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਨਿਯਮਤ ਸਮੀਖਿਆ ਕਰਨ ਅਤੇ ਪ੍ਰਗਤੀ ਦੀ ਰਿਪੋਰਟ ਸਮੇਂ-ਸਮੇਂ ’ਤੇ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਾਰੇ ਅਧਿਕਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ. ਐੱਸ. ਭੁੱਲਰ, ਕਾਰਜਕਾਰੀ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼., ਕਾਰਜ ਸਾਧਕ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।