Close

Cleanliness drive underway to make Rupnagar city clean under Mission Clean Punjab

Publish Date : 08/09/2026
Cleanliness drive underway to make Rupnagar city clean under Mission Clean Punjab

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਮਿਸ਼ਨ ਕਲੀਨ ਪੰਜਾਬ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਚੱਢਾ ਦੀ ਅਗਵਾਈ ਹੇਠ ਹਵੇਲੀ ਕਲਾਂ ਰੋਡ ’ਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਸਫ਼ਾਈ

ਰੂਪਨਗਰ, 8 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਵੇਲੀ ਕਲਾਂ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

ਨਗਰ ਕੌਂਸਲ ਰੂਪਨਗਰ ਦੇ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਕਾਰਜ ਸਾਧਕ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਵੇਲੀ ਕਲਾਂ ਰੋਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਦੀ ਸਫ਼ਾਈ ਕੀਤੀ ਗਈ। ਸਫ਼ਾਈ ਕਰਮਚਾਰੀਆਂ ਵੱਲੋਂ ਸੜਕ ਦੇ ਕਿਨਾਰਿਆਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਤੋਂ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਬਣਾਇਆ ਗਿਆ।

ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਰੂਪਨਗਰ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਕੌਂਸਲ ਵੱਲੋਂ ਨਿਯਮਤ ਤੌਰ ’ਤੇ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਕੇਵਲ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਕੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਨਗਰ ਕੌਂਸਲ ਪ੍ਰਧਾਨ ਸ਼੍ਰੀ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਕਾਰਜ ਸਾਧਕ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਨਗਰ ਕੌਂਸਲ ਵੱਲੋਂ ਲੋੜ ਅਨੁਸਾਰ ਵਿਸ਼ੇਸ਼ ਸਫ਼ਾਈ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਰੂਪਨਗਰ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।