ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ ਤੇ ਬਜ਼ੁਰਗ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ ਤੇ ਬਜ਼ੁਰਗ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ: ਡਿਪਟੀ ਕਮਿਸ਼ਨਰ
ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਮੁਕਾਬਲਿਆਂ ਨਾਲ ਸਾਰਿਆਂ ਨੂੰ ਜੋੜਨਾ ਲਾਜ਼ਮੀ
ਹਰ ਵਰਗ ਦੇ ਲੋਕਾਂ ਨੂੰ ਸ਼ਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਬਣਾਉਣ ਲਈ ਖੇਡਾਂ ਦਾ ਅਹਿਮ ਰੋਲ
ਰੂਪਨਗਰ, 9 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਜ਼ਿਲ੍ਹੇ ਵਿੱਚ ਉਤਸ਼ਾਹ ਅਤੇ ਜੋਸ਼ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ, ਬੱਚੇ ਅਤੇ ਬਜ਼ੁਰਗ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ।
ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ ਖੇਡ ਪ੍ਰਤਿਭਾ ਨੂੰ ਪਿੰਡ ਪੱਧਰ ਤੋਂ ਉਭਾਰਨ ਦਾ ਮਹੱਤਵਪੂਰਨ ਮੰਚ ਹਨ। ਇਸ ਲਈ ਅਧਿਕਾਰੀਆਂ ਅਤੇ ਖੇਡ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਕੇ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ
।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦੇਸ਼ ਸਿਰਫ਼ ਮੁਕਾਬਲੇ ਕਰਵਾਉਣਾ ਨਹੀਂ, ਬਲਕਿ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਨਾਲ ਜੁੜੇ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਅਤੇ ਇੱਕ ਸਿਹਤਮੰਦ ਤੇ ਮਜ਼ਬੂਤ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ।
ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਸ਼ਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਬਣਾਉਣ ਲਈ ਖੇਡਾਂ ਦਾ ਅਹਿਮ ਰੋਲ ਹੁੰਦਾ ਹੈ ਜਦਕਿ ਜੋ ਇਨਸਾਨ ਕਸਰਤ ਜਾ ਖੇਡਾਂ ਨੂੰ ਆਪਣੀ ਜ਼ਿੰਦਗੀ ਵਿਚ ਹਿੱਸਾ ਨਹੀਂ ਬਣਾਉਂਦਾ ਤਾਂ ਇਸ ਮਾਮਲੇ ਵਿਚ ਤਣਾਅ ਅਤੇ ਚਿੰਤਾ ਦੇ ਨਾਲ ਸਰੀਰਕ ਤੌਰ ਉੱਤੇ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਰਪੰਚਾਂ, ਪੰਚਾਇਤਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਵੀ ਉਨ੍ਹਾਂ ਦੀ ਉਮਰ ਅਤੇ ਯੋਗਤਾ ਅਨੁਸਾਰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਮੁਕਾਬਲਿਆਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਖਿਡਾਰੀਆਂ ਨੂੰ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 14 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਬਲਾਕਾਂ ਦੇ ਮੁਕਾਬਲੇ ਹੋਣਗੇ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਬਲਾਕਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ 21 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਇੱਕ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਖੇਡ ਮੈਦਾਨਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ।