ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
‘ਖੇਡਾਂ ਵਤਨ ਪੰਜਾਬ ਦੀਆਂ-2026’ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ
ਨਹਿਰੂ ਸਟੇਡੀਅਮ ਵਿਖੇ ਸੈਂਕੜੇ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਰਨਗੇ ਸ਼ਮੂਲੀਅਤ
ਰੂਪਨਗਰ, 11 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਅੱਜ ਸਥਾਨਕ ਨਹਿਰੂ ਸਟੇਡੀਅਮ ਵਿਖੇ ਜੋਸ਼ੋ-ਖਰੋਸ਼ ਨਾਲ ਸੰਪੰਨ ਹੋ ਗਏ। 9 ਸਤੰਬਰ ਤੋਂ 11 ਸਤੰਬਰ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਸੈਂਕੜੇ ਖਿਡਾਰੀਆਂ ਨੇ ਪੂਰੇ ਉਤਸ਼ਾਹ, ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਮਾਪਤੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ. ਜਗਜੀਵਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਬਰ, ਸਖ਼ਤ ਮਿਹਨਤ, ਟੀਮ ਭਾਵਨਾ ਅਤੇ ਜਿੱਤ ਲਈ ਦ੍ਰਿੜ੍ਹ ਇਰਾਦਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਹੋਣਹਾਰ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ, ਜੋ ਭਵਿੱਖ ਵਿੱਚ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਸਾਰੇ ਪ੍ਰਤੀਭਾਗੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਤੀਜੇ ਦਿਨ ਦੇ ਸਮਾਪਤੀ ਸਮਾਰੋਹ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ੍ਰੀ ਕਰਨ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਆਪਣੀ ਖੇਡ ਵਿੱਚ ਨਿਰੰਤਰ ਸੁਧਾਰ ਕਰਨ ਅਤੇ ਜਿੱਤ-ਹਾਰ ਦੀ ਪਰਵਾਹ ਕੀਤੇ ਬਿਨਾਂ ਪੂਰੀ ਮਿਹਨਤ ਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸੇ ਤਰ੍ਹਾਂ ਕਾਰਜ ਸਾਧਕ ਅਫ਼ਸਰ, ਰੂਪਨਗਰ ਸ੍ਰੀ ਅਸ਼ੋਕ ਕੁਮਾਰ ਵੀ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ ਅਤੇ ਖੇਡ ਮੈਦਾਨਾਂ ਵਿੱਚ ਦਿਖਾਈ ਦੇ ਰਿਹਾ ਇਹ ਉਤਸ਼ਾਹ ਪੰਜਾਬ ਦੇ ਉੱਜਵਲ ਭਵਿੱਖ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਪਣੀ ਮਿਹਨਤ ਅਤੇ ਲਗਨ ਨੂੰ ਜਾਰੀ ਰੱਖਦਿਆਂ ਵੱਡੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਪ੍ਰਾਪਤ ਕੀਤੀ ਜਿੱਤ ਸਿਰਫ਼ ਇੱਕ ਤਮਗਾ ਜਾਂ ਸਥਾਨ ਹਾਸਲ ਕਰਨਾ ਨਹੀਂ, ਸਗੋਂ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ ਅਤੇ ਜੀਵਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨਾ ਵੀ ਹੈ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਰੂਪਨਗਰ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਐਥਲੈਟਿਕਸ ਦੀ ਲੰਬੀ ਛਾਲ ਲੜਕੀਆਂ ਦੇ ਮੁਕਾਬਲੇ ਵਿੱਚ ਅਮਨਦੀਪ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਗੋਲਾ ਸੁੱਟਣ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਦਲਜੀਤ ਸਿੰਘ ਨੇ ਪਹਿਲਾ, ਸੁਰਜੀਤ ਸਿੰਘ ਨੇ ਦੂਜਾ ਅਤੇ ਦਿਲਬਾਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਸਰਕਲ ਸਟਾਈਲ ਲੜਕਿਆਂ ਦੇ ਮੁਕਾਬਲੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸ.ਸ.ਸ.ਸ. ਸਿੰਘ ਭਗਵੰਤਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਲੜਕੇ ਅੰਡਰ-17 ਦੇ ਮੁਕਾਬਲੇ ਵਿੱਚ ਸਤਲੁੱਜ ਪਬਲਿਕ ਸਕੂਲ ਦੀ ਟੀਮ ਨੇ ਸ.ਸ.ਸ.ਸ. ਦੁਗਰੀ ਨੂੰ 3-1 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਇੱਕ ਹੋਰ ਮੁਕਾਬਲੇ ਵਿੱਚ ਸੇਂਟ ਕਾਰਮਲ ਸਕੂਲ ਕੱਟਲੀ ਦੀ ਟੀਮ ਨੇ ਗਿੱਲਕੋ ਵੈਲੀ ਫੁੱਟਬਾਲ ਕਲੱਬ ਨੂੰ 2-1 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਵਿੱਚ ਲੋਹਾਰੀ ਕਲੱਬ ਨੇ ਪਹਿਲਾ, ਮੀਆਂਪੁਰ ਨੇ ਦੂਜਾ ਅਤੇ ਕੋਚਿੰਗ ਸੈਂਟਰ ਨੇ ਤੀਜਾ ਸਥਾਨ ਹਾਸਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ’ਤੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਇਹ ਅਗਲਾ ਪੜਾਅ ਆਪਣੀ ਪ੍ਰਤਿਭਾ ਨੂੰ ਹੋਰ ਉੱਚ ਪੱਧਰ ’ਤੇ ਸਾਬਤ ਕਰਨ ਦਾ ਮੌਕਾ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਰੂਪਨਗਰ ਬਲਾਕ ਦੇ ਇਹ ਹੋਣਹਾਰ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਬਲਾਕ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
ਇਨ੍ਹਾਂ ਤਿੰਨ ਰੋਜ਼ਾ ਖੇਡ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਕੋਚਾਂ, ਖੇਡ ਪ੍ਰਬੰਧਕਾਂ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਸਹਿਯੋਗ ਦੇਣ ਵਾਲੇ ਸਕੂਲਾਂ ਅਤੇ ਸਪੋਰਟਸ ਕਲੱਬਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ, ਸੰਸਥਾਵਾਂ ਅਤੇ ਖੇਡ ਪ੍ਰੇਮੀਆਂ ਦੇ ਸਾਂਝੇ ਸਹਿਯੋਗ ਸਦਕਾ ਇਹ ਮੁਕਾਬਲੇ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।
‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਬਲਾਕ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਨੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਅਤੇ ਊਰਜਾ ਪੈਦਾ ਕੀਤੀ ਹੈ। ਨਹਿਰੂ ਸਟੇਡੀਅਮ ਵਿੱਚ ਤਿੰਨ ਦਿਨਾਂ ਤੱਕ ਖਿਡਾਰੀਆਂ ਵੱਲੋਂ ਦਿਖਾਇਆ ਗਿਆ ਜੋਸ਼ ਅਤੇ ਖੇਡ ਭਾਵਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੀ ਨੌਜਵਾਨੀ ਖੇਡਾਂ ਰਾਹੀਂ ਆਪਣਾ ਭਵਿੱਖ ਸੰਵਾਰਨ ਅਤੇ ਸੂਬੇ ਦਾ ਨਾਮ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਤਿਆਰ ਹੈ।