ਬੰਦ ਕਰੋ

ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ

ਪ੍ਰਕਾਸ਼ਨ ਦੀ ਮਿਤੀ : 11/09/2026
Major action by Rupnagar Police under Operation CASO: 21 individuals arrested and 10 FIRs registered.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀ ਕੀਤੇ ਗ੍ਰਿਫ਼ਤਾਰ

ਰੂਪਨਗਰ, 11 ਸਤੰਬਰ: ਪੰਜਾਬ ਨੂੰ ਨਸ਼ਾ ਮੁਕਤ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵੱਲੋਂ ਵੀ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਪੰਜ ਸਬ-ਡਿਵੀਜ਼ਨਾਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ, ਤਲਾਸ਼ੀ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਅੱਜ 10 ਐੱਫ.ਆਈ.ਆਰ. ਦਰਜ ਕਰਕੇ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਸ.ਐੱਸ.ਪੀ. ਰੂਪਨਗਰ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਪਹਿਲਾਂ ਤੋਂ ਮੌਜੂਦ ਜਾਣਕਾਰੀਆਂ ਅਤੇ ਫੀਡਬੈਕ ਦੇ ਆਧਾਰ ’ਤੇ ਟੀਮਾਂ ਤਿਆਰ ਕਰਕੇ ਨਿਸ਼ਾਨਦੇਹੀ ਕੀਤੇ ਸਥਾਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ, ਖਾਸ ਕਰਕੇ ਨਸ਼ਿਆਂ ਦੀਆਂ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਨਸ਼ਾ ਤਸਕਰੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵੱਲੋਂ ਪੂਰੀ ਸਖ਼ਤੀ ਨਾਲ ਕਾਰਵਾਈ ਜਾਰੀ ਰਹੇਗੀ।

ਐੱਸ.ਐੱਸ.ਪੀ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।