Training provided to civil and police officials to identify sensitive areas for Assembly Elections-2027 and make the election process fair: Deputy Commissioner
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਿਧਾਨ ਸਭਾ ਚੋਣਾਂ-2027 ਲਈ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਿੱਤੀ ਗਈ ਸਿਖਲਾਈ: ਡਿਪਟੀ ਕਮਿਸ਼ਨਰ
ਰੂਪਨਗਰ, 25 ਸਤੰਬਰ: ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਖੇਤਰਾਂ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਵਿਸ਼ੇਸ਼ ਸਿਖਲਾਈ ਕਰਵਾਈ ਗਈ।
ਸਿਖਲਾਈ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸਿਖਲਾਈ ਵਿੱਚ ਸੰਵੇਦਨਸ਼ੀਲ ਖੇਤਰਾਂ ਅਤੇ ਅਤਿ-ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਜਿਹੇ ਖੇਤਰਾਂ ਦੀ ਵਿਸ਼ੇਸ਼ ਤੌਰ ’ਤੇ ਪਛਾਣ ਕੀਤੀ ਜਾਣੀ ਹੈ, ਜਿੱਥੇ ਕਿਸੇ ਕਮਜ਼ੋਰ ਜਾਂ ਸੰਵੇਦਨਸ਼ੀਲ ਵਰਗ ਦੇ ਵੋਟਰਾਂ ਨੂੰ ਲਾਲਚ, ਡਰ, ਧਮਕੀ, ਦਬਾਅ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਭਾਵਿਤ ਕਰਕੇ ਉਨ੍ਹਾਂ ਦੇ ਮਤਦਾਨ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਸਹੀ ਅਤੇ ਨਿਰਪੱਖ ਪਛਾਣ ਚੋਣ ਪ੍ਰਕਿਰਿਆ ਨੂੰ ਡਰ-ਮੁਕਤ ਅਤੇ ਨਿਰਪੱਖ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸੰਵੇਦਨਸ਼ੀਲਤਾ ਦੀ ਪਛਾਣ ਅਤੇ ਮੁਲਾਂਕਣ ਨਾਲ ਸਬੰਧਤ ਅਨੁਸੂਚੀ-1, 2, 3, 4 ਅਤੇ 5 ਦੀ ਸਮਾਂ-ਸਾਰਣੀ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਸਾਰੀ ਕਾਰਵਾਈ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸਿਖਲਾਈ ਦੌਰਾਨ ਸਿਖਲਾਈ ਅਫ਼ਸਰ-ਕਮ-ਰਾਜ ਪੱਧਰੀ ਮੁੱਖ ਸਿਖਲਾਈਕਾਰ ਸ਼੍ਰੀ ਦਿਨੇਸ਼ ਸੈਣੀ ਵੱਲੋਂ ਦੱਸਿਆ ਗਿਆ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਲਈ ਸਬੰਧਤ ਖੇਤਰ ਦੇ ਸੈਕਟਰ ਅਧਿਕਾਰੀ ਵੱਲੋਂ ਘੱਟੋ-ਘੱਟ ਤਿੰਨ ਵਾਰ ਮੌਕੇ ’ਤੇ ਜਾ ਕੇ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਇਨ੍ਹਾਂ ਦੌਰਿਆਂ ਦੌਰਾਨ ਪੁਲਿਸ ਸੈਕਟਰ ਅਧਿਕਾਰੀ ਦੀ ਮੌਜੂਦਗੀ ਲਾਜ਼ਮੀ ਹੋਵੇਗੀ। ਇਸ ਸਾਂਝੀ ਜਾਂਚ ਰਾਹੀਂ ਖੇਤਰ ਦੀ ਸਥਿਤੀ, ਵੋਟਰਾਂ ਨੂੰ ਦਰਪੇਸ਼ ਸੰਭਾਵਿਤ ਖਤਰਿਆਂ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ਦੀ ਪਛਾਣ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਅੱਗੇ ਕਿਹਾ ਕਿ ਚੋਣ ਸਿਰਫ਼ ਵੋਟ ਪਾਉਣ ਦੀ ਪ੍ਰਕਿਰਿਆ ਨਹੀਂ, ਸਗੋਂ ਹਰ ਯੋਗ ਨਾਗਰਿਕ ਦੇ ਲੋਕਤੰਤਰਿਕ ਅਧਿਕਾਰ ਦੀ ਸੁਰੱਖਿਅਤ ਅਤੇ ਆਜ਼ਾਦ ਵਰਤੋਂ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵੋਟਰ ਡਰ, ਧਮਕੀ, ਲਾਲਚ, ਦਬਾਅ ਜਾਂ ਕਿਸੇ ਹੋਰ ਪ੍ਰਭਾਵ ਹੇਠ ਆ ਕੇ ਆਪਣੇ ਮਤਦਾਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਦੀ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ, ਨਿਰਪੱਖਤਾ, ਤੱਥਾਂ ਅਤੇ ਆਪਸੀ ਤਾਲਮੇਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪ੍ਰਾਪਤ ਜਾਣਕਾਰੀ ਦਾ ਬਾਰੀਕੀ ਨਾਲ ਮੁਲਾਂਕਣ ਕਰਦਿਆਂ ਲੋੜੀਂਦੇ ਰੋਕਥਾਮੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਚੋਣਾਂ ਦੌਰਾਨ ਹਰੇਕ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਵੋਟ ਪਾਉਣ ਲਈ ਸੁਰੱਖਿਅਤ ਮਾਹੌਲ ਮਿਲ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਚੋਣ ਪ੍ਰਸ਼ਾਸਨ ਦੀ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਦਿਆਂ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸਿਖਲਾਈ ਦੌਰਾਨ ਮੌਜੂਦ ਸੈਕਟਰ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਮਾਹਿਰਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ। ਇਸ ਦੌਰਾਨ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਬਣਾਉਣ ਲਈ ਅਧਿਕਾਰੀਆਂ ਨਾਲ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸਪੀ ਹਰਮੀਤ ਸਿੰਘ, ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਉਪ ਪੁਲਿਸ ਕਪਤਾਨ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਇੰਸਪੈਕਟਰ ਗਗਨਦੀਪ ਸਿੰਘ, ਇੰਸਪੈਕਟਰ ਪਵਨ ਕੁਮਾਰ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਸਮੂਹ ਸੈਕਟਰ ਅਧਿਕਾਰੀ ਅਤੇ ਚੋਣ ਵਿਭਾਗ ਦਾ ਸਟਾਫ਼ ਹਾਜ਼ਰ ਸੀ।