Close

Deputy Commissioner appeals to farmers to bring only dry paddy with moisture content up to 17 percent in the market

Publish Date : 22/09/2026
Deputy Commissioner appeals to farmers to bring only dry paddy with moisture content up to 17 percent in the market

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ 17 ਫ਼ੀਸਦੀ ਨਮੀ ਤੱਕ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਅਤੇ ਗੈਰ-ਕਾਨੂੰਨੀ ਰੀਸਾਈਕਲਿੰਗ ’ਤੇ ਸਖ਼ਤ ਨਿਗਰਾਨੀ ਦੇ ਹੁਕਮ

ਰੂਪਨਗਰ, 22 ਸਤੰਬਰ: ਆਗਾਮੀ ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚੱਜੀ ਸਰਕਾਰੀ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਝੋਨੇ ਦੀ ਖਰੀਦ, ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ, ਨਮੀ ਦੀ ਜਾਂਚ, ਲੇਬਰ, ਢੋਆ-ਢੁਆਈ, ਲਿਫਟਿੰਗ, ਬਾਰਦਾਨੇ ਅਤੇ ਹੋਰ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰੀ ਖਰੀਦ ਲਈ ਸਿਰਫ਼ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਵੱਧ ਤੋਂ ਵੱਧ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ, ਸਾਫ਼ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਨਮੀ ਦੀ ਜਾਂਚ ਦੀ ਪ੍ਰਕਿਰਿਆ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੇ ਢੇਰ ਦਾਖ਼ਲ ਹੋਣ ਤੋਂ ਪਹਿਲਾਂ ਨਮੀ ਦੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਹਰ ਮੰਡੀ ਵਿੱਚ ਝੋਨੇ ਦੀ ਆਮਦ ਦੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਤੋਂ ਲੈ ਕੇ ਖਰੀਦ ਤੱਕ ਪੂਰੀ ਪ੍ਰਕਿਰਿਆ ਦੀ ਪ੍ਰਭਾਵਸ਼ਾਲੀ ਮਾਨੀਟਰਿੰਗ ਕੀਤੀ ਜਾਵੇ ਅਤੇ ਸਰਕਾਰੀ ਖਰੀਦ ਕੇਵਲ ਅਸਲ ਅਤੇ ਯੋਗ ਕਿਸਾਨਾਂ ਤੋਂ ਆਉਣ ਵਾਲੇ ਝੋਨੇ ਦੀ ਹੀ ਕੀਤੀ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਪੱਸ਼ਟ ਹਦਾਇਤ ਕੀਤੀ ਕਿ ਦੂਜੇ ਰਾਜਾਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਝੋਨੇ ਜਾਂ ਝੋਨੇ ਦੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਰੀਸਾਈਕਲਿੰਗ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਾ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹੇ ਵਿੱਚ ਸਖ਼ਤ ਨਾਕਾਬੰਦੀ ਅਤੇ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਸ਼ੱਕੀ ਆਮਦ ’ਤੇ ਨਜ਼ਰ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਜ਼ਿਲ੍ਹੇ ਲਈ ਨਿਰਧਾਰਤ ਟੀਚਿਆਂ ਦੇ ਅਨੁਸਾਰ ਹੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਪ੍ਰਕਿਰਿਆ ਦੌਰਾਨ ਨਿਰਧਾਰਤ ਟੀਚਿਆਂ ਅਤੇ ਸਰਕਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਸਮੂਹ ਸਰਕਾਰੀ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫਟਿੰਗ 72 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਫ਼ਸਲ ਦਾ ਬੇਲੋੜਾ ਭੰਡਾਰ ਨਾ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਲਿਆਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨੇ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਕਿੰਮੀ ਵਨੀਤ ਕੌਰ ਸੇਠੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਲੇਬਰ, ਲੇਬਰ ਕਾਰਟੇਜ ਅਤੇ ਢੋਆ-ਢੁਆਈ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਸਬੰਧਤ ਟਰਾਂਸਪੋਰਟਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨਾਂ ਦੇ ਚੱਲਣ ਦੇ ਸਮੇਂ ਸਬੰਧੀ ਵੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿਸ ਤਹਿਤ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾ ਚਲਾਉਣ ਲਈ ਕਿਹਾ ਗਿਆ ਹੈ। ਉਲੰਘਣਾ ਕਰਨ ਵਾਲੇ ਤੇ ਸੰਬਧਿਤ ਅਧਿਕਾਰੀ ਦੇ ਖਿਲਾਫ ਕਾਰਵਾਈ ਨਾ ਕਰਨ ਲਈ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਆੜ੍ਹਤੀਆ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਵੀ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦਾ ਨਿਯਮਾਂ ਅਨੁਸਾਰ ਤੁਰੰਤ ਹੱਲ ਕਰਨ ਲਈ ਕਿਹਾ ਅਤੇ ਸਮੂਹ ਹਿੱਸੇਦਾਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਵੀ ਆਪਣੇ-ਆਪਣੇ ਖੇਤਰਾਂ ਵਿੱਚ ਖਰੀਦ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਸਾਹਮਣੇ ਆਉਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਪਾਰਦਰਸ਼ਤਾ, ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਵੇ, ਇਸ ਲਈ ਸਾਰੇ ਸਬੰਧਤ ਵਿਭਾਗ ਪੂਰੇ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ, ਸਾਫ਼ ਅਤੇ ਵੱਧ ਤੋਂ ਵੱਧ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਸਮੇਂ ਸਿਰ ਹੋ ਸਕੇ।

ਇਸ ਮੀਟਿੰਗ ਵਿੱਚ ਐੱਸਪੀ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਚੇਤਨ ਬੰਗੜ, ਉਪ ਮੰਡਲ ਮੈਜਿਸਟ੍ਰੇਟ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।