ਪੁਸਤਕਾਂ ਗਿਆਨ, ਵਿਚਾਰ ਅਤੇ ਸੱਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਸਰੋਤ – ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੁਸਤਕਾਂ ਗਿਆਨ, ਵਿਚਾਰ ਅਤੇ ਸੱਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਸਰੋਤ – ਡਿਪਟੀ ਕਮਿਸ਼ਨਰ
ਭਾਸ਼ਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ
ਰੂਪਨਗਰ, 08 ਅਕਤੂਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਗੇਟ ਦੇ ਸਾਹਮਣੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰਦਰਸ਼ਨੀ ਦੌਰਾਨ ਲੋਕਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ ਅਤੇ ਵਿਰਸੇ ਨਾਲ ਸਬੰਧਿਤ ਪੁਸਤਕਾਂ ਵਿੱਚ ਵਿਸ਼ੇਸ਼ ਰੁਚੀ ਦਿਖਾਈ ਗਈ ਅਤੇ ਵੱਡੀ ਗਿਣਤੀ ਵਿੱਚ ਪੁਸਤਕਾਂ ਖਰੀਦੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਵੀ ਪੁਸਤਕ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕਾਂ ਗਿਆਨ, ਵਿਚਾਰ ਅਤੇ ਸੱਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਸਰੋਤ ਹਨ। ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕ ਪ੍ਰਦਰਸ਼ਨੀਆਂ ਲੋਕਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਤੋਂ ਇਲਾਵਾ ਪੁਸਤਕਾਂ ਪੜ੍ਹਨ ਅਤੇ ਗਿਆਨ ਹਾਸਲ ਕਰਨ ਵੱਲ ਪ੍ਰੇਰਿਤ ਕਰਨ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਪੁਸਤਕਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।
ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਮਾਤ-ਭਾਸ਼ਾ, ਪੰਜਾਬੀ ਸਾਹਿਤ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪੁਸਤਕਾਂ ਦਾ ਵੱਧ ਤੋਂ ਵੱਧ ਪਾਠ ਹੋਣ ਨਾਲ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਸਾਰ ਅਤੇ ਪਸਾਰ ਨੂੰ ਹੋਰ ਮਜ਼ਬੂਤੀ ਮਿਲੇਗੀ।