ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲਿਆ
ਅਹੁਦਾ ਸੰਭਾਲਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ
ਰੂਪਨਗਰ, 19 ਅਕਤੂਬਰ: ਸ. ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨਜ ਜੱਜ, ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਪਟਿਆਲਾ ਵਿਖੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪਦਉਨਤ ਹੋਣ ਉਪਰੰਤ ਉਨ੍ਹਾਂ ਨੇ ਪਹਿਲੀ ਵਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਅਹੁਦਾ ਸੰਭਾਲਿਆ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਨੇ ਕਿਹਾ ਕਿ ਨਿਆਂਪਾਲਿਕਾ ਲੋਕਤੰਤਰ ਦਾ ਇੱਕ ਅਹਿਮ ਥੰਮ੍ਹ ਹੈ ਅਤੇ ਹਰ ਨਾਗਰਿਕ ਨੂੰ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਨਿਆਂ ਪ੍ਰਦਾਨ ਕਰਨਾ ਇਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਨਿਆਂਇਕ ਕਾਰਜਾਂ ਵਿੱਚ ਇਮਾਨਦਾਰੀ, ਨਿਰਪੱਖਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਦੀ ਬਿਨਾਂ ਕਿਸੇ ਭੇਦਭਾਵ ਦੇ ਨਿਆਂ ਤੱਕ ਪਹੁੰਚ ਪ੍ਰਾਪਤ ਹੋਣੀ ਚਾਹੀਦੀ ਹੈ ਅਤੇ ਨਿਆਂਇਕ ਪ੍ਰਕਿਰਿਆ ਦੌਰਾਨ ਹਰ ਪੱਖ ਨੂੰ ਆਪਣਾ ਪੱਖ ਰੱਖਣਦਾ ਉਚਿਤ ਮੌਕਾ ਮਿਲਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਨਿਆਂਇਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਅਦਾਲਤੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਵਕੀਲ ਭਾਈਚਾਰੇ ਅਤੇ ਸਬੰਧਤ ਧਿਰਾਂ ਦੇ ਆਪਸੀ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਿਆਂਇਕ ਮਰਿਆਦਾ ਤੇ ਕਾਨੂੰਨ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਲੋਕਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਸ. ਮਨਿੰਦਰ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਸ੍ਰੀਮਤੀ ਲਖਵਿੰਦਰ ਕੌਰ ਅਤੇ ਸ. ਤਰਨਤਾਰਨ ਸਿੰਘ ਬਿੰਦਰਾ, ਮੁੱਖ ਨਿਆਂਇਕ ਮੈਜਿਸਟ੍ਰੇਟ ਰੂਪਨਗਰ ਡਾ. ਸੁਖਵਿੰਦਰ ਸਿੰਘ, ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰੂਪਨਗਰ ਸ੍ਰੀਮਤੀ ਬਲਵਿੰਦਰ ਕੌਰ ਧਾਲੀਵਾਲ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰੂਪਨਗਰ ਸ੍ਰੀਮਤੀ ਜੋਸ਼ਿਕਾ ਸੂਦ, ਸ੍ਰੀਮਤੀ ਖਯਾਤੀ ਗੋਇਲ, ਸ੍ਰੀਮਤੀ ਕਾਮਿਨੀ ਅਤੇ ਡਾ. ਮਨੀਸ਼ਾ ਵੀ ਹਾਜ਼ਰ ਸਨ।
ਇਸ ਮੌਕੇ ਵਕੀਲ ਐਸੋਸੀਏਸ਼ਨ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਵੱਡੀ ਗਿਣਤੀ ਵਿੱਚ ਵਕੀਲ ਭਾਈਚਾਰੇ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਸਮਾਗਮ ਦੌਰਾਨ ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਨੇ ਸ. ਹਰਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ।