ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

ਪ੍ਰਕਾਸ਼ਨ ਦੀ ਮਿਤੀ : 21/10/2026
Police Martyrs' Memorial Day celebrated in memory of police officers and employees who were martyred in the line of duty

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਮਨਿੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਸ਼ਹੀਦਾਂ ਦੀਆਂ ਕੁਰਬਾਨੀਆਂ ਪੁਲਿਸ ਫੋਰਸ ਲਈ ਸਦਾ ਪ੍ਰੇਰਨਾ ਦਾ ਸਰੋਤ ਰਹਿਣਗੀਆਂ: ਐਸ.ਐਸ.ਪੀ. ਮਨਿੰਦਰ ਸਿੰਘ

ਰੂਪਨਗਰ, 21 ਅਕਤੂਬਰ: ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਲਾਈਨ ਰੂਪਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ, ਐਸ.ਐਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਸੇਵਾਮੁਕਤ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਐਸ.ਐਸ.ਪੀ. ਸ. ਮਨਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਕੁਰਬਾਨੀਆਂ, ਬਹਾਦਰੀ ਅਤੇ ਲੋਕ ਸੇਵਾ ਦੀਆਂ ਮਿਸਾਲਾਂ ਨਾਲ ਭਰਿਆ ਹੋਇਆ ਹੈ। ਪੰਜਾਬ ਪੁਲਿਸ ਦੇ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਬਹਾਦਰੀ, ਫਰਜ਼ ਪ੍ਰਤੀ ਸਮਰਪਣ ਅਤੇ ਦੇਸ਼ ਪ੍ਰਤੀ ਵਫ਼ਾਦਾਰੀ ਸਮੁੱਚੇ ਪੁਲਿਸ ਵਿਭਾਗ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਲੋਕਾਂ ਦੀ ਸੇਵਾ, ਸੁਰੱਖਿਆ ਅਤੇ ਇਨਸਾਫ਼ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਨਿਡਰਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਰ ਦੁੱਖ-ਸੁੱਖ ਦੀ ਘੜੀ ਵਿੱਚ ਮਜ਼ਬੂਤੀ ਨਾਲ ਖੜ੍ਹਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਬਹਾਦਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਫਰਜ਼ ਨਿਭਾਇਆ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਸਮੇਤ ਵੱਖ-ਵੱਖ ਚੁਣੌਤੀਪੂਰਨ ਹਾਲਾਤਾਂ ਵਿੱਚ ਪੁਲਿਸ ਜਵਾਨਾਂ ਨੇ ਅਮਨ-ਕਾਨੂੰਨ ਦੀ ਬਹਾਲੀ ਅਤੇ ਲੋਕਾਂ ਦੀ ਸੁਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਦਾ ਜਿਊਂਦਾ ਰੱਖਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਤਿਕਾਰ ਪ੍ਰਗਟਾਉਣ ਲਈ ਹਰ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਮਾਗਮ ਦੌਰਾਨ ਕਪਤਾਨ ਪੁਲਿਸ (ਹੈੱਡਕੁਆਰਟਰ) ਸ. ਹਰਸਿਮਰਤ ਸਿੰਘ ਸ਼ੇਤਰਾ ਵੱਲੋਂ 1 ਸਤੰਬਰ 2024 ਤੋਂ 31 ਅਗਸਤ 2025 ਤੱਕ ਦੇਸ਼ ਭਰ ਵਿੱਚ ਸ਼ਹੀਦ ਹੋਏ 154 ਪੁਲਿਸ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਉਪਰੰਤ ਉਪ-ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਸ. ਜਸ਼ਨਪ੍ਰੀਤ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੱਲੋਂ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਮੂਹ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਰੂਪਨਗਰ ਸਮੇਤ ਸਮੂਹ ਹਾਜ਼ਰੀਨ ਵੱਲੋਂ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਰੂਪਨਗਰ ਵਿੱਚ ਰਹਿ ਰਹੇ ਸ਼ਹੀਦ ਪੁਲਿਸ ਮੁਲਾਜ਼ਮਾਂ, ਪੰਜਾਬ ਹੋਮ ਗਾਰਡਜ਼ ਅਤੇ ਐਸ.ਪੀ.ਓਜ਼. ਦੇ 36 ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਇਨ੍ਹਾਂ ਪਰਿਵਾਰਾਂ ਦਾ ਮਾਣ-ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਦੁੱਖ-ਤਕਲੀਫ਼ਾਂ ਬਾਰੇ ਜਾਣਕਾਰੀ ਲਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਜਲਦ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਦੌਰਾਨ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਐਸ.ਐਸ.ਪੀ. ਸਮੇਤ ਸਮੁੱਚੀ ਜ਼ਿਲ੍ਹਾ ਪੁਲਿਸ ਰੂਪਨਗਰ ਉਨ੍ਹਾਂ ਦੀ ਸਹਾਇਤਾ ਲਈ ਹਮੇਸ਼ਾ ਉਪਲਬਧ ਹੈ। ਪਰਿਵਾਰਕ ਮੈਂਬਰ ਕਿਸੇ ਵੀ ਸਮੱਸਿਆ ਜਾਂ ਲੋੜ ਸਬੰਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੂੰ ਨਿੱਜੀ ਤੌਰ ’ਤੇ ਮਿਲ ਕੇ ਜਾਂ ਟੈਲੀਫੋਨ ਰਾਹੀਂ ਜਾਣੂ ਕਰਵਾ ਸਕਦੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ।

ਇਸ ਮੌਕੇ ਐੱਸ.ਪੀ. ਸ. ਜਸਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਡੀ.ਐੱਸ.ਪੀ. ਰੂਪਨਗਰ ਸ. ਦੀਪਿੰਦਰ ਸਿੰਘ, ਡੀ.ਐੱਸ.ਪੀ. ਨੰਗਲ ਸ. ਐਨ.ਪੀ.ਐੱਸ. ਲਹਿਲ, ਡੀ.ਐੱਸ.ਪੀ. ਸ੍ਰੀ ਚਮਕੌਰ ਸਾਹਿਬ ਸ. ਮਨਜੀਤ ਸਿੰਘ ਔਲਖ, ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੇਵਾਮੁਕਤ ਡੀ.ਐੱਸ.ਪੀ. ਸ. ਸੋਹਨ ਲਾਲ ਸੰਧੂ, ਸੇਵਾਮੁਕਤ ਪੁਲਿਸ ਅਧਿਕਾਰੀ, ਰੂਪਨਗਰ ਪੁਲਿਸ ਦੇ ਗਜ਼ਟਿਡ ਅਧਿਕਾਰੀ, ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰ, ਸ਼ਹੀਦ ਪੁਲਿਸ ਮੁਲਾਜ਼ਮਾਂ, ਪੰਜਾਬ ਹੋਮ ਗਾਰਡਜ਼ ਅਤੇ ਐਸ.ਪੀ.ਓਜ਼. ਦੇ ਪਰਿਵਾਰਕ ਮੈਂਬਰਾਂ ਸਮੇਤ ਵੱਖ-ਵੱਖ ਪੁਲਿਸ ਥਾਣਿਆਂ ਅਤੇ ਯੂਨਿਟਾਂ ਵਿੱਚ ਤਾਇਨਾਤ ਪੁਲਿਸ ਜਵਾਨ ਹਾਜ਼ਰ ਸਨ।