Ensure that development works are completed in a time-bound and transparent manner: Amit Kumar

Publish Date : 23/10/2026
Ensure that development works are completed in a time-bound and transparent manner: Amit Kumar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਅਮਿਤ ਕੁਮਾਰ

ਜ਼ਿਲ੍ਹਾ ਪ੍ਰੀਸ਼ਦ ਨਾਲ ਸਬੰਧਤ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਰੂਪਨਗਰ, 23 ਅਕਤੂਬਰ: ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਅਤੇ ਪ੍ਰਗਤੀ ਦੀ ਸਮੀਖਿਆ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮਾਂਬੱਧਤਾ ਨੂੰ ਪਹਿਲ ਦਿੱਤੀ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਬੇਲੋੜੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਅਗਲੇ ਪੜਾਅ ਦੇ ਫੰਡ ਜਾਰੀ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ।

ਸਮੀਖਿਆ ਦੌਰਾਨ ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਸਮੇਤ ਹੋਰ ਯੋਜਨਾਵਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜਿੰਮਨੇਜ਼ੀਅਮ ਸਥਾਪਤ ਕਰਨ, ਮਾਡਲ ਪੇਂਡੂ ਖੇਡ ਮੈਦਾਨਾਂ ਲਈ ਫੰਡਾਂ ਦੀ ਮੈਪਿੰਗ ਅਤੇ ਠੋਸ ਕੂੜਾ-ਕਰਕਟ ਦੇ ਵਿਗਿਆਨਕ ਨਿਪਟਾਰੇ ਲਈ ਚੱਲ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਮਿਤ ਕੁਮਾਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ, ਨੌਜਵਾਨਾਂ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਪ੍ਰਸ਼ਾਸਨ ਦੀਆਂ ਅਹਿਮ ਤਰਜੀਹਾਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੰਡਾਂ ਦੀ ਵਰਤੋਂ ਕਰਨ ਅਤੇ ਸਾਰੇ ਲੋੜੀਂਦੇ ਰਿਕਾਰਡ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਐਕਸੀਅਨ ਜਲ ਸਪਲਾਈ ਰੋਹਿਤ ਕੁਮਾਰ ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਤੋਂ ਇਸ਼ਾਨ ਚੌਧਰੀ, ਸ੍ਰੀ ਚਮਕੌਰ ਸਾਹਿਬ ਤੋਂ ਅਜੈਬ ਸਿੰਘ, ਨੂਰਪੁਰ ਬੇਦੀ ਤੋਂ ਅਮਰੀਕ ਸਿੰਘ, ਨੰਗਲ ਤੋਂ ਮਨਜੀਤ ਸਿੰਘ, ਮੋਰਿੰਡਾ ਤੋਂ ਲੈਨਿਨ ਗਰਗ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।