Special Lok Adalat to be held on November 21 to resolve cases related to cheque bouncing
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
ਰੂਪਨਗਰ, 31 ਅਕਤੂਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ. ਹਰਜੀਤ ਸਿੰਘ ਦੀ ਅਗਵਾਈ ਹੇਠ 21 ਨਵੰਬਰ 2026 ਨੂੰ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਧਾਰਾ 138 ਐੱਨ.ਆਈ. ਐਕਟ (ਚੈੱਕ ਬਾਊਂਸਿੰਗ) ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦ ਅਤੇ ਸੁਖਾਲਾ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸ ਚੱਲ ਰਹੇ ਹਨ, ਉਹ ਆਪਣੇ ਕੇਸ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਲਗਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵੱਲੋਂ ਸੁਣਾਏ ਗਏ ਫ਼ੈਸਲੇ ਨੂੰ ਅੰਤਿਮ ਮੰਨਿਆ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 12 ਦਸੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਦੀਵਾਨੀ ਅਤੇ ਸਮਝੌਤੇਯੋਗ ਫ਼ੌਜਦਾਰੀ ਕੇਸ ਨਿਪਟਾਰੇ ਲਈ ਲਏ ਜਾਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਜਲਦ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।