It should be ensured that the ongoing development works in the district are completed within the stipulated time frame: Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ
ਅਧੂਰੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼
ਰੂਪਨਗਰ, 2 ਨਵੰਬਰ: ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਕਮੇਟੀ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ, ਹੁਣ ਤੱਕ ਹੋਏ ਕੰਮ ਅਤੇ ਬਾਕੀ ਰਹਿੰਦੇ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਰੇਕ ਵਿਭਾਗ ਨੂੰ ਆਪਣੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਜਿੱਥੇ ਵੀ ਕਿਸੇ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਹੋਰ ਅੜਚਣ ਆ ਰਹੀ ਹੈ, ਉਸ ਦਾ ਤੁਰੰਤ ਹੱਲ ਕਰਕੇ ਕੰਮ ਨੂੰ ਅੱਗੇ ਵਧਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਸਬੰਧੀ ਸਬੰਧਤ ਅਧਿਕਾਰੀ ਲੋੜੀਂਦੇ ਵਰਤੋਂ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕਰਨ, ਸਰਕਾਰੀ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਪ੍ਰੋਜੈਕਟਾਂ ਦੀ ਪ੍ਰਸ਼ਾਸਨਿਕ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਮੁਕੰਮਲ ਹੋਏ ਕੰਮਾਂ ਦੇ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਹਰੇਕ ਪ੍ਰੋਜੈਕਟ ਦੀ ਭੌਤਿਕ ਪ੍ਰਗਤੀ ਅਤੇ ਕਾਰਜ ਦੀ ਗੁਣਵੱਤਾ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਵੇਗੀ ਤਾਂ ਜੋ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਅਸਲ ਲਾਭ ਮਿਲ ਸਕੇ।
ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਜਵਾਬਦੇਹੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਨੂੰ ਲਟਕਾਉਣ ਦੀ ਬਜਾਏ ਉਨ੍ਹਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਹਰ ਪੱਧਰ ‘ਤੇ ਗੰਭੀਰਤਾ ਨਾਲ ਯਤਨ ਕੀਤੇ ਜਾਣ। ਜੇਕਰ ਕਿਸੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਮੇਂ ਸਿਰ ਢੁੱਕਵਾਂ ਹੱਲ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਸਫ਼ਲਤਾ ਸਿਰਫ਼ ਉਨ੍ਹਾਂ ਨੂੰ ਸ਼ੁਰੂ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਮਿਆਰੀ ਢੰਗ ਨਾਲ ਮੁਕੰਮਲ ਕਰਨਾ ਅਤੇ ਲੋਕਾਂ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣਾ ਵੀ ਓਨਾ ਹੀ ਅਹਿਮ ਹੈ। ਇਸ ਲਈ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਾਰਜਾਂ ਦੀ ਪ੍ਰਗਤੀ ਬਾਰੇ ਲੋੜੀਂਦੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਉਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਨੰਗਲ ਮਨਜੀਤ ਸਿੰਘ, ਬੀਡੀਪੀਓ ਮੋਰਿੰਡਾ ਲੈਨਿਨ ਗਰਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।