ਲੋਕਾਂ ਨੂੰ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਵਿਸ਼ੇਸ਼ ਲੋਕ ਅਦਾਲਤ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਲੋਕਾਂ ਨੂੰ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਵਿਸ਼ੇਸ਼ ਲੋਕ ਅਦਾਲਤ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ
ਜ਼ਿਲ੍ਹਾ ਰੂਪਨਗਰ ‘ਚ ਨਵੰਬਰ ਮਹੀਨੇ ਦੌਰਾਨ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਹਨ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਵਰਕਸ਼ਾਪਾਂ
ਰੂਪਨਗਰ, 6 ਨਵੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਨਵੰਬਰ 2026 ਦੇ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਕਾਨੂੰਨੀ ਸੁਰੱਖਿਆ ਅਤੇ ਉਪਲਬਧ ਸਹਾਇਤਾ ਸੇਵਾਵਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਤੇਜ਼ਾਬੀ ਹਮਲਿਆਂ ਦੇ ਪੀੜਤਾਂ ਦੇ ਅਧਿਕਾਰਾਂ, ਮਹਿਲਾਵਾਂ ਦੀ ਸੁਰੱਖਿਆ, ਬੱਚਿਆਂ ਦੇ ਅਧਿਕਾਰਾਂ, ਪੋਕਸੋ ਐਕਟ, ਸਾਈਬਰ ਅਪਰਾਧਾਂ ਅਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਕਾਨੂੰਨੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਅਧਿਕਾਰਾਂ ਅਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 9 ਨਵੰਬਰ ਨੂੰ ਕਾਨੂੰਨੀ ਸਾਖਰਤਾ ਦਿਵਸ, 14 ਨਵੰਬਰ ਨੂੰ ਬਾਲ ਦਿਵਸ ਅਤੇ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ‘ਮੈਡੀਏਸ਼ਨ ਫਾਰ ਦ ਨੇਸ਼ਨ-3.0’ ਮੁਹਿੰਮ ਅਤੇ 21 ਨਵੰਬਰ ਨੂੰ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਅਤੇ ਵਰਕਸ਼ਾਪਾਂ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਹ ਯਕੀਨੀ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਪਹੁੰਚੇ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨਾ, ਕਾਨੂੰਨੀ ਸਮੱਸਿਆਵਾਂ ਦੇ ਹੱਲ ਲਈ ਉਪਲਬਧ ਸਾਧਨਾਂ ਬਾਰੇ ਜਾਣਕਾਰੀ ਦੇਣਾ ਅਤੇ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ।