The work of revision of voter lists under the Special Summary Revision Campaign-2027 should be completed within the stipulated time frame – Komal Mittal

Publish Date : 12/11/2026
The work of revision of voter lists under the Special Summary Revision Campaign-2027 should be completed within the stipulated time frame - Komal Mittal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ – ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਚੋਣ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ

ਰੂਪਨਗਰ, 12 ਨਵੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 (ਸਪੈਸ਼ਲ ਸਮਰੀ ਰਿਵੀਜ਼ਨ-2027) ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਸੁਧਾਈ, ਚੋਣ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸਾਰਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਮੁੱਢਲੀ ਵੋਟਰ ਸੂਚੀ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 5,32,551 ਵੋਟਰ ਦਰਜ ਹਨ। ਇਨ੍ਹਾਂ ਵਿੱਚ 2,74,235 ਪੁਰਸ਼, 2,58,304 ਮਹਿਲਾਵਾਂ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਹਲਕਾ ਵਾਰ ਵੇਰਵੇ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ 1,80,417, ਰੂਪਨਗਰ ਵਿੱਚ 1,69,377 ਅਤੇ ਸ੍ਰੀ ਚਮਕੌਰ ਸਾਹਿਬ (ਅਨੁਸੂਚਿਤ ਜਾਤੀ) ਵਿੱਚ 1,82,757 ਵੋਟਰ ਦਰਜ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਕਰਵਾਉਣ ਲਈ ਕੁੱਲ 712 ਪੋਲਿੰਗ ਸਟੇਸ਼ਨ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 239, ਰੂਪਨਗਰ ਵਿੱਚ 236 ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ 237 ਪੋਲਿੰਗ ਸਟੇਸ਼ਨ ਹਨ। ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਕੁੱਲ 529 ਸਥਾਨ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰ ਬਣਨ ਦੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਨਾਗਰਿਕ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਨੂੰ ਯੋਗਤਾ ਉਮਰ ਪੂਰੀ ਕਰਦੇ ਹਨ, ਉਹ ਵੀ ਨਿਯਮਾਂ ਅਨੁਸਾਰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਆਪਣੀ ਵੋਟ ਬਣਵਾਉਣ, ਵੇਰਵਿਆਂ ਵਿੱਚ ਸੋਧ ਕਰਵਾਉਣ ਜਾਂ ਹੋਰ ਲੋੜੀਂਦੀ ਜਾਣਕਾਰੀ ਲਈ www.voters.eci.gov.in ਪੋਰਟਲ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰ ਸਕਦੇ ਹਨ। ਇਸ ਸਬੰਧੀ 1950 ਟੋਲ ਫ੍ਰੀ ਨੰਬਰ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 ਦੀ ਸਮਾਂ-ਸਾਰਣੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਵਿਸ਼ੇਸ਼ ਮੁਹਿੰਮ ਦੇ ਦਿਨ 14 ਨਵੰਬਰ (ਸ਼ਨੀਵਾਰ), 15 ਨਵੰਬਰ (ਐਤਵਾਰ) ਅਤੇ 29 ਨਵੰਬਰ 2026 (ਐਤਵਾਰ) ਨਿਰਧਾਰਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 12 ਨਵੰਬਰ ਤੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 01 ਦਸੰਬਰ ਤੋਂ 20 ਦਸੰਬਰ ਤੱਕ ਫਾਰਮਾਂ ਦੀ ਮੁੜ ਜਾਂਚ ਅਤੇ 24 ਦਸੰਬਰ ਤੋਂ 29 ਦਸੰਬਰ ਤੱਕ ਅੰਤਿਮ ਵੋਟਰ ਸੂਚੀ ਦੀਆਂ ਤਸਵੀਰਾਂ ਸਮੇਤ ਅਤੇ ਬਿਨਾਂ ਤਸਵੀਰਾਂ ਵਾਲੀਆਂ ਪੀ.ਡੀ.ਐੱਫ. ਫਾਈਲਾਂ ਤਿਆਰ ਕਰਨ ਦਾ ਕਾਰਜ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀਆਂ ਕਈ ਕਾਪੀਆਂ ਛਾਪਣ ਅਤੇ ਸਬੰਧਤ ਕਾਰਵਾਈ 29 ਦਸੰਬਰ 2026 ਤੋਂ 02 ਜਨਵਰੀ 2027 ਤੱਕ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 04 ਜਨਵਰੀ 2027 ਨੂੰ ਕੀਤਾ ਜਾਵੇਗਾ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਅੰਤਿਮ ਵੋਟਰ ਸੂਚੀ ਸਬੰਧੀ ਮੀਟਿੰਗ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪੋ-ਆਪਣੇ ਖੇਤਰਾਂ ਵਿੱਚ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਕੀਤੀ ਵੋਟਰ ਸੂਚੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੈ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਦੀ ਪਹਿਲੇ ਪੱਧਰ ਦੀ ਜਾਂਚ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਆਮ ਆਦਮੀ ਪਾਰਟੀ ਵੱਲੋਂ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਵੱਲੋਂ ਜਰਨੈਲ ਸਿੰਘ ਭਾਉਵਾਲ, ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੀ.ਪੀ.ਐੱਮ. ਵੱਲੋਂ ਕਾਮਰੇਡ ਗੁਰਦੇਵ ਸਿੰਘ ਬਾਗੀ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਸ਼ਾਮਲ ਹੋਏ।