Under Census-2027, people will be able to register themselves online from November 16 to 30.

Publish Date : 12/11/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਲੋਕ ਖੁਦ ਆਨਲਾਈਨ ਦਰਜ ਕਰਵਾ ਸਕਣਗੇ

ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੋਵੇਗਾ ਮੁਕੰਮਲ

ਰੂਪਨਗਰ, 12 ਨਵੰਬਰ: ਦੇਸ਼ ਭਰ ਵਿੱਚ ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਜਨਗਣਨਾ ਦੇ ਪਹਿਲੇ ਪੜਾਅ ਦੌਰਾਨ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰਵਾਉਣ (ਸੈਲਫ ਇਨਿਊਮਰੇਸ਼ਨ) ਦੀ ਸਹੂਲਤ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ ਅਰੁਣ ਮਹਾਜਨ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਲੋਕ ਸਰਕਾਰੀ ਪੋਰਟਲ se.census.gov.in ਰਾਹੀਂ ਆਪਣੇ ਵੇਰਵੇ ਖੁਦ ਦਰਜ ਕਰਵਾ ਸਕਣਗੇ। ਇਸ ਪ੍ਰਕਿਰਿਆ ਦਾ ਉਦੇਸ਼ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਨਾਲ-ਨਾਲ ਜਨਗਣਨਾ ਦੇ ਕੰਮ ਨੂੰ ਵਧੇਰੇ ਸੁਖਾਲਾ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਸੈਲਫ ਇਨਿਊਮਰੇਸ਼ਨ ਦੀ ਸਹੂਲਤ ਰਾਹੀਂ ਲੋਕ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਭਰ ਸਕਣਗੇ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਵੇਰਵੇ ਸਹੀ ਅਤੇ ਪੂਰੀ ਸਾਵਧਾਨੀ ਨਾਲ ਦਰਜ ਕਰਨ, ਤਾਂ ਜੋ ਜਨਗਣਨਾ ਲਈ ਇਕੱਤਰ ਕੀਤੇ ਜਾਣ ਵਾਲੇ ਅੰਕੜਿਆਂ ਦੀ ਸ਼ੁੱਧਤਾ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਮੁਕੰਮਲ ਕੀਤਾ ਜਾਵੇਗਾ।