ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ
ਰੂਪਨਗਰ, 12 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਵੇਅਰਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਇਕਾਈਆਂ ਦੀ ਪਹਿਲੇ ਪੱਧਰ ਦੀ ਜਾਂਚ (ਫਸਟ ਲੈਵਲ ਚੈਕਿੰਗ) ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰੇਕ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਇਕਾਈ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੀ ਗੁੰਜਾਇਸ਼ ਨਾ ਛੱਡਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ, ਇਸ ਲਈ ਸਾਰੀਆਂ ਕੰਟਰੋਲ ਇਕਾਈਆਂ, ਬੈਲਟ ਇਕਾਈਆਂ ਅਤੇ ਵੀ.ਵੀ.ਪੀ.ਏ.ਟੀ. ਇਕਾਈਆਂ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਾਂਚ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਇਕਾਈ ਵਿੱਚ ਕੋਈ ਖ਼ਰਾਬੀ ਪਾਈ ਜਾਂਦੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਈ.ਐੱਲ. ਕੋਲ ਭੇਜਿਆ ਜਾਵੇਗਾ।
ਉਨ੍ਹਾਂ ਨੇ ਮਸ਼ੀਨਾਂ ਨੂੰ ਵੇਅਰਹਾਊਸ ਦੀ ਉਪਰਲੀ ਮੰਜ਼ਿਲ ਤੋਂ ਹੇਠਲੀ ਮੰਜ਼ਿਲ ਤੱਕ ਅਤੇ ਮੁੜ ਸਟੋਰੇਜ ਕਮਰੇ ਵਿੱਚ ਪਹੁੰਚਾਉਣ ਦੀ ਸਮੁੱਚੀ ਪ੍ਰਕਿਰਿਆ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ ਸਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਪਹਿਲੇ ਪੱਧਰ ਦੀ ਜਾਂਚ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਾਂਚ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਮਸ਼ੀਨਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਅਗਲੀਆਂ ਹਦਾਇਤਾਂ ਤੱਕ ਵੇਅਰਹਾਊਸ ਵਿੱਚ ਸੁਰੱਖਿਅਤ ਢੰਗ ਨਾਲ ਸਖ਼ਤ ਨਿਗਰਾਨੀ ਹੇਠ ਰੱਖਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਡੀ.ਐੱਸ.ਪੀ. ਦੀਪਇੰਦਰ ਸਿੰਘ ਅਤੇ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਵੀ ਹਾਜ਼ਰ ਸਨ।