Ongoing development works should be completed within the stipulated time: Deputy Commissioner Komal Mittal

Publish Date : 13/11/2026
Ongoing development works should be completed within the stipulated time: Deputy Commissioner Komal Mittal

ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਕੀਤੀ ਪਲੇਠੀ ਮੀਟਿੰਗ

ਰੂਪਨਗਰ, 13 ਨਵੰਬਰ: ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ 11 ਨਵੰਬਰ ਨੂੰ ਅਹੁਦਾ ਸੰਭਾਲਣ ਉਪਰੰਤ ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਜੀਨੀਅਰਿੰਗ ਕਾਡਰ ਦੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਜਾਂ ਕਿਸੇ ਹੋਰ ਪੱਧਰ ‘ਤੇ ਅਜਿਹੀ ਕੋਈ ਸਮੱਸਿਆ ਆਉਂਦੀ ਹੈ, ਜਿਸ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੋਵੇ, ਤਾਂ ਉਸ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਦਾ ਢੁਕਵਾਂ ਹੱਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੂਪਨਗਰ ਇੱਕ ਇਤਿਹਾਸਕ ਜ਼ਿਲ੍ਹਾ ਹੈ, ਜਿੱਥੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿਲ੍ਹੇ ਵਿੱਚ ਲੋਕ ਭਲਾਈ ਅਤੇ ਵਿਕਾਸ ਲਈ ਵਧੀਆ ਕੰਮ ਕਰਨ ਲਈ ਵਚਨਬੱਧ ਹਨ।

ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਸੜਕਾਂ ਦਾ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਬਾਕੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।