Resolving the issues faced by the minority community on a priority basis is the Commission’s main priority – Jatinder Masih Gaurav
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ – ਜਤਿੰਦਰ ਮਸੀਹ ਗੌਰਵ
ਕਬਰਸਤਾਨਾਂ ਦੀਆਂ ਥਾਵਾਂ ਦਾ ਵਿਸਥਾਰ ਕਰਨ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼
ਰੂਪਨਗਰ, 17 ਨਵੰਬਰ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਅਤੇ ਵਚਨਬੱਧਤਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਈਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਮ੍ਰਿਤਕਾਂ ਦੇ ਸਸਕਾਰ ਦੀ ਬਜਾਏ ਦਫ਼ਨਾਉਣ ਲਈ ਦਰਪੇਸ਼ ਮੁਸ਼ਕਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਬਰਸਤਾਨਾਂ ਨਾਲ ਸਬੰਧਤ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਬਰਸਤਾਨਾਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਨ, ਉੱਥੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਕਬਰਸਤਾਨਾਂ ਵਿੱਚ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ।
ਚੇਅਰਮੈਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਬਰਸਤਾਨਾਂ ਲਈ ਲੋੜੀਂਦੀ ਥਾਂ ਉਪਲਬਧ ਨਹੀਂ ਹੈ, ਉੱਥੇ ਨਵੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੇ ਪ੍ਰਬੰਧ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਕਿਸੇ ਵੀ ਪਰਿਵਾਰ ਨੂੰ ਇਸ ਸਬੰਧੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਘੱਟ ਗਿਣਤੀ ਭਾਈਚਾਰੇ ਦੇ ਸਾਂਝੇ ਸਮਾਗਮਾਂ ਅਤੇ ਸਮਾਜਿਕ ਗਤੀਵਿਧੀਆਂ ਲਈ ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ਦੀ ਉਸਾਰੀ ਵਾਸਤੇ ਢੁੱਕਵੀਂ ਜ਼ਮੀਨ ਅਲਾਟ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਲੋੜੀਂਦੇ ਯਤਨ ਕਰਨ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹਰੇਕ ਵਿਅਕਤੀ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਦਾ ਸੰਵਿਧਾਨਕ ਅਧਿਕਾਰ ਹੈ, ਪਰ ਧਰਮ ਦੇ ਨਾਂ ’ਤੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਸ੍ਰੀ ਜਤਿੰਦਰ ਮਸੀਹ ਗੌਰਵ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਧਰਮ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਤੰਗ-ਪਰੇਸ਼ਾਨ ਕਰਦਾ ਹੈ ਜਾਂ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਰੂਪਨਗਰ ਪੁਲਿਸ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਮੀਟਿੰਗ ਦੌਰਾਨ ਐੱਸਐੱਸਪੀ ਰੂਪਨਗਰ ਸ. ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਚੰਦਰਜਯੋਤੀ ਸਿੰਘ, ਐੱਸ ਪੀ (ਹੈਡਕੁਆਰਟਰ) ਸ. ਹਰਸਿਮਰਤ ਸਿੰਘ ਛੇਤਰਾ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਰਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।