ਪੈਨਸ਼ਨਰ ਸੇਵਾ ਪੋਰਟਲ ਸਬੰਧੀ ਜਾਗਰੂਕਤਾ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾਉਣ ਲਈ 19 ਤੋਂ 21 ਨਵੰਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪ੍ਰਕਾਸ਼ਨ ਦੀ ਮਿਤੀ : 18/11/2026
Special camps will be organized from November 19 to 21 to create awareness regarding the Pensioner Service Portal and upload digital life certificates.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪੈਨਸ਼ਨਰ ਸੇਵਾ ਪੋਰਟਲ ਸਬੰਧੀ ਜਾਗਰੂਕਤਾ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾਉਣ ਲਈ 19 ਤੋਂ 21 ਨਵੰਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੈਨਸ਼ਨਰ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਨੇੜਲੇ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚਣ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਰੂਪਨਗਰ, 18 ਨਵੰਬਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਰੂਪਨਗਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸਬੰਧੀ ਵੱਖ-ਵੱਖ ਸੇਵਾਵਾਂ ਜਿਵੇਂ ਮਹੀਨਾਵਾਰ ਪੈਨਸ਼ਨ ਦੀ ਅਦਾਇਗੀ, ਇਲੈਕਟ੍ਰਾਨਿਕ ਪੈਨਸ਼ਨ ਭੁਗਤਾਨ ਆਰਡਰ (ਈ.ਪੀ.ਪੀ.ਓ.), ਪੈਨਸ਼ਨ ਡਾਟਾ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਉਤਰਾਧਿਕਾਰੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਪੋਰਟਲ ‘ਤੇ ਅਪਲੋਡ ਕਰਨਾ ਅਤੇ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ ਵਿੱਤ ਵਿਭਾਗ ਵੱਲੋਂ 19 ਨਵੰਬਰ ਤੋਂ 21 ਨਵੰਬਰ 2026 ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਸਮੂਹ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਡਿਜੀਟਲ ਜੀਵਨ ਪ੍ਰਮਾਣ ਪੱਤਰ ਅਪਡੇਟ ਨਹੀਂ ਕਰਵਾਇਆ, ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨਜ਼ਦੀਕੀ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸੇਵਾ ਮੇਲੇ ਦਾ ਲਾਭ ਉਠਾਉਣ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਦੱਸਿਆ ਕਿ ਪੈਨਸ਼ਨਰ ਆਪਣੇ ਨਾਲ ਪੈਨਸ਼ਨ ਭੁਗਤਾਨ ਆਰਡਰ (ਪੀ.ਪੀ.ਓ.) ਦੀ ਕਾਪੀ, ਆਧਾਰ ਕਾਰਡ, ਆਧਾਰ ਨਾਲ ਲਿੰਕ ਮੋਬਾਈਲ ਨੰਬਰ ਅਤੇ ਬੈਂਕ ਪਾਸਬੁੱਕ ਲੈ ਕੇ ਆਉਣਾ ਯਕੀਨੀ ਬਣਾਉਣ, ਤਾਂ ਜੋ ਲੋੜੀਂਦੀ ਕਾਰਵਾਈ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਵੱਲੋਂ ਆਪਣਾ ਜੀਵਨ ਪ੍ਰਮਾਣ ਪੱਤਰ ਅਪਡੇਟ ਨਹੀਂ ਕਰਵਾਇਆ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿੱਚ ਪੈਨਸ਼ਨ ਪ੍ਰਾਪਤ ਕਰਨ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਤ ਸਮੇਂ ਦੌਰਾਨ ਆਪਣੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਪੱਤਰ ਅਪਡੇਟ ਕਰਵਾਉਣ ਦੀ ਕਾਰਵਾਈ ਜ਼ਰੂਰ ਮੁਕੰਮਲ ਕਰਨ।