The work of the special summary revision of electoral rolls should be carried out in a transparent and smooth manner: Vinay Bublani

Publish Date : 25/11/2026
The work of the special summary revision of electoral rolls should be carried out in a transparent and smooth manner: Vinay Bublani

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ : ਵਿਨੈ ਬੁਬਲਾਨੀ

ਕਮਿਸ਼ਨਰ ਰੂਪਨਗਰ ਮੰਡਲ-ਕਮ-ਰੋਲ ਅਬਜ਼ਰਵਰ ਨੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ

6 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ 712 ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਰੂਪਨਗਰ, 25 ਨਵੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਸਪੈਸ਼ਲ ਸਮਰੀ ਰਿਵਿਜ਼ਨ) ਜਿਸ ਦੀ ਯੋਗਤਾ ਮਿਤੀ 01 ਜਨਵਰੀ 2027 ਨਿਰਧਾਰਤ ਕੀਤੀ ਗਈ ਹੈ, ਦੇ ਕੰਮ ਦੀ ਸਮੀਖਿਆ ਕਰਨ ਲਈ ਕਮਿਸ਼ਨਰ ਰੂਪਨਗਰ ਮੰਡਲ-ਕਮ-ਰੋਲ ਅਬਜ਼ਰਵਰ ਸ੍ਰੀ ਵਿਨੈ ਬੁਬਲਾਨੀ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਾਨਫਰੰਸ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਸਮੇਂ ਦਾਅਵਿਆਂ ਤੇ ਇਤਰਾਜ਼ਾਂ ਦੀ ਪ੍ਰਾਪਤੀ ਅਤੇ ਉਨ੍ਹਾਂ ਦੇ ਨਿਪਟਾਰੇ ਦਾ ਅਹਿਮ ਪੜਾਅ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸ੍ਰੀ ਵਿਨੈ ਬੁਬਲਾਨੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਿੰਨ ਪੜਾਵਾਂ ਤਹਿਤ ਨਿਰੀਖਣ ਕੀਤਾ ਜਾਣਾ ਹੈ। ਪਹਿਲੇ ਪੜਾਅ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ, ਦੂਜੇ ਪੜਾਅ ਵਿੱਚ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਅਤੇ ਤੀਜੇ ਪੜਾਅ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਕੀਤੀ ਜਾ ਰਹੀ ਤਸਦੀਕ, ਸਪਲੀਮੈਂਟਾਂ ਦੀ ਛਪਾਈ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੇ ਕੰਮ ਦਾ ਨਿਰੀਖਣ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਸੇ ਲੜੀ ਤਹਿਤ ਅਗਲਾ ਵਿਸ਼ੇਸ਼ ਕੈਂਪ 6 ਦਸੰਬਰ 2026 ਨੂੰ ਲਗਾਇਆ ਜਾਵੇਗਾ।

ਉਨ੍ਹਾਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ 712 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਅਤੇ ਹਰੇਕ ਪੋਲਿੰਗ ਬੂਥ ’ਤੇ ਬੂਥ ਲੈਵਲ ਅਫ਼ਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ 6 ਦਸੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਇਆ ਜਾਵੇ ਅਤੇ ਬੀ.ਐੱਲ.ਓਜ਼ ਤੇ ਬੀ.ਐੱਲ.ਓ. ਸੁਪਰਵਾਈਜ਼ਰਾਂ ਨੂੰ ਸਮੇਂ ਸਿਰ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਲਈ ਪਾਬੰਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਵੀ ਲਿਆ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਾਰਡ ਬਣਵਾਉਣ, ਵੋਟਰ ਸੇਵਾਵਾਂ ਅਤੇ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਸਥਾਪਿਤ ਹੈਲਪ ਡੈਸਕਾਂ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸ੍ਰੀ ਵਿਨੈ ਬੁਬਲਾਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ (ਬੀਐਲਏ) ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਵਾਲੇ ਦਿਨ ਬੂਥ ਲੈਵਲ ਏਜੰਟ ਸਬੰਧਤ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਪੱਸ਼ਟ ਕੀਤਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ) ਦੌਰਾਨ ਨਵੀਂ ਵੋਟ ਬਣਵਾਉਣ ਲਈ ਲਾਜ਼ਮੀ ਸਵੈ-ਘੋਸ਼ਣਾ ਫਾਰਮ ਦੀ ਸ਼ਰਤ ਹੁਣ ਵਿਸ਼ੇਸ਼ ਸੰਖੇਪ ਸੁਧਾਈ (ਐਸਐਸਆਰ) ਦੌਰਾਨ ਲਾਗੂ ਨਹੀਂ ਹੈ। ਨਵੀਂ ਵੋਟ ਬਣਵਾਉਣ ਲਈ ਬਿਨੈਕਾਰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੱਤ ਦਸਤਾਵੇਜ਼ਾਂ ਦੀ ਸੂਚੀ ਵਿੱਚੋਂ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਫਾਰਮ ਨੰਬਰ 6 ਨਾਲ ਨੱਥੀ ਕਰਕੇ ਅਰਜ਼ੀ ਦੇ ਸਕਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਰੋਲ ਅਬਜ਼ਰਵਰ ਦੇ ਦਫ਼ਤਰ ਦੀ ਈ-ਮੇਲ div.com.rpr@punjab.gov.in ਜਾਂ ਟੈਲੀਫ਼ੋਨ ਨੰਬਰ 01881-220400 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਸਮੁੱਚੀ ਪ੍ਰਕਿਰਿਆ ਸਬੰਧੀ ਸਹਿਮਤੀ ਪ੍ਰਗਟਾਈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਕੰਮ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਤੋਂ ਬਾਅਦ ਸ੍ਰੀ ਵਿਨੈ ਬੁਬਲਾਨੀ ਵੱਲੋਂ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਚੱਲ ਰਹੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਕੰਮ ਤੇ ਵਿਸ਼ੇਸ਼ ਕੈਂਪਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਸ੍ਰੀ ਸੁਖਪਾਲ ਸਿੰਘ, ਐੱਸ.ਡੀ.ਐੱਮ. ਰੂਪਨਗਰ ਸ੍ਰੀ ਜਸਪ੍ਰੀਤ ਸਿੰਘ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਸ੍ਰੀ ਰਜਨੀਸ਼ ਅਰੋੜਾ, ਚੋਣ ਤਹਿਸੀਲਦਾਰ ਸ੍ਰੀ ਪਲਵਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਸ੍ਰੀ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਜਰਨੈਲ ਸਿੰਘ ਭਾਓਵਾਲ, ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਸਰਦੂਲ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਤਰਨਜੀਤ ਸਿੰਘ ਤਰਨੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।