Additional Chief Electoral Officer conducted surprise inspection of special camps set up under SIR-2026
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ
ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ ‘ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ‘ਤੇ 11 ਅਤੇ 12 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਨਦੀਪ ਬਾਂਸਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਾ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਚਮਕੌਰ ਸਾਹਿਬ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਅਤੇ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਨਿਊਮੇਰੇਸ਼ਨ ਫਾਰਮਾਂ ਦੀ ਪ੍ਰਾਪਤੀ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਵਧੀਕ ਮੁੱਖ ਚੋਣ ਅਫ਼ਸਰ ਨੇ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਏ ਸਾਰੇ ਇਨਿਊਮੇਰੇਸ਼ਨ ਫਾਰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਜਲਦ ਤੋਂ ਜਲਦ ਡਿਜੀਟਾਈਜ਼ ਕੀਤਾ ਜਾਵੇ ਤਾਂ ਜੋ ਐੱਸ.ਆਈ.ਆਰ.-2026 ਦਾ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਨੇ ਨਿਰੀਖਣ ਦੌਰਾਨ ਮੌਜੂਦ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ, ਆਪਣੇ ਇਨਿਊਮੇਰੇਸ਼ਨ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਹੱਤਵਪੂਰਨ ਮੁਹਿੰਮ ਨਾਲ ਜੁੜ ਕੇ ਭਾਰਤ ਚੋਣ ਕਮਿਸ਼ਨ ਦੇ ਇਸ ਯਤਨ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਪਲਵਿੰਦਰ ਸਿੰਘ, ਜੂਨੀਅਰ ਸਹਾਇਕ ਸ਼੍ਰੀ ਜਤਿੰਦਰ ਸਿੰਘ, ਸ਼੍ਰੀ ਰਣਧੀਰ ਸਿੰਘ, ਸ਼੍ਰੀ ਨੀਰਜ ਕੁਮਾਰ ਅਤੇ ਸ਼੍ਰੀ ਗੁਰਦਿਆਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।