Close

Additional Deputy Commissioner reviewed the ongoing development works in the district.

Publish Date : 29/09/2026
Additional Deputy Commissioner reviewed the ongoing development works in the district.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਗੁਣਵੱਤਾ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ

ਰੂਪਨਗਰ, 29 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮਾਂਬੱਧਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਕੰਮਾਂ ਵਿੱਚ ਬੇਲੋੜੀ ਦੇਰੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਿਤ ਤੌਰ ‘ਤੇ ਮੌਕੇ ‘ਤੇ ਜਾ ਕੇ ਨਿਗਰਾਨੀ ਕੀਤੀ ਜਾਵੇ ਅਤੇ ਕੰਮਾਂ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ।

ਮੀਟਿੰਗ ਦੌਰਾਨ ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ, 15ਵੇਂ ਵਿੱਤ ਕਮਿਸ਼ਨ ਅਤੇ ਹੋਰ ਵਿਕਾਸ ਯੋਜਨਾਵਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਨਾਲ ਸਬੰਧਤ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਨ੍ਹਾਂ ਨੂੰ ਤੁਰੰਤ ਜਮ੍ਹਾਂ ਕਰਵਾਇਆ ਜਾਵੇ, ਤਾਂ ਜੋ ਅਗਲੇ ਪੜਾਅ ਵਿੱਚ ਫੰਡਾਂ ਦੀ ਜਾਰੀ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।

ਸਮੀਖਿਆ ਦੌਰਾਨ ਪਿੰਡਾਂ ਵਿੱਚ ਠੋਸ ਕੂੜਾ-ਕਰਕਟ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਚੱਲ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪ੍ਰੋਜੈਕਟਾਂ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਪੇਂਡੂ ਵਾਤਾਵਰਨ ਯਕੀਨੀ ਬਣਾਉਣ ਲਈ ਠੋਸ ਕੂੜਾ-ਕਰਕਟ ਦਾ ਢੁਕਵਾਂ ਪ੍ਰਬੰਧਨ ਬਹੁਤ ਜ਼ਰੂਰੀ ਹੈ।

ਇਸ ਤੋਂ ਇਲਾਵਾ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜਿੰਮਨੇਜ਼ੀਅਮ ਸਥਾਪਤ ਕਰਨ, ਮਾਡਲ ਪੇਂਡੂ ਖੇਡ ਮੈਦਾਨਾਂ ਲਈ ਜਾਰੀ ਫੰਡਾਂ ਦੀ ਮੈਪਿੰਗ ਅਤੇ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਹੋਰ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ।

ਚੰਦਰਜਯੋਤੀ ਸਿੰਘ ਨੇ ਰੰਗਲਾ ਪੰਜਾਬ ਵਿਕਾਸ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ ਚੱਲ ਰਹੇ ਕੰਮਾਂ ਦੇ ਨਾਲ-ਨਾਲ ਇਨ੍ਹਾਂ ਨਾਲ ਸਬੰਧਤ ਵਰਤੋਂ ਸਰਟੀਫਿਕੇਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਲਈ ਪ੍ਰਾਪਤ ਫੰਡਾਂ ਦੀ ਵਰਤੋਂ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ ਅਤੇ ਸਾਰੇ ਲੋੜੀਂਦੇ ਰਿਕਾਰਡ ਅਤੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਮੁਕੰਮਲ ਕੀਤੇ ਜਾਣ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ, ਨੌਜਵਾਨਾਂ ਲਈ ਖੇਡਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਹਰੇਕ ਵਿਕਾਸ ਯੋਜਨਾ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਕੇਂਦਰਿਤ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਇਸ ਮੀਟਿੰਗ ਵਿੱਚ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਐਕਸੀਅਨ ਜਲ ਸਪਲਾਈ ਰੋਹਿਤ ਕੁਮਾਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਬੀਡੀਪੀਓ ਨੰਗਲ ਮਨਜੀਤ ਸਿੰਘ, ਬੀਡੀਪੀਓ ਮੋਰਿੰਡਾ ਲੈਨਿਨ ਗਰਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।