Administration takes strict action against violators of the ‘Safe School Vehicle’ policy; 18 school buses issued challans during an inspection of 45 vehicles.

Publish Date : 23/10/2026
Administration takes strict action against violators of the 'Safe School Vehicle' policy; 18 school buses issued challans during an inspection of 45 vehicles.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ

ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਬਲਾਕਾਂ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ; ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ

ਰੂਪਨਗਰ, 23 ਅਕਤੂਬਰ: ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੰਤਵ ਨਾਲ ਰਿਜਨਲ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਬਲਾਕਾਂ ਦੇ ਦੋ ਸਕੂਲਾਂ ਦੀਆਂ ਕੁੱਲ 45 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 18 ਬੱਸਾਂ ਦੇ ਚਲਾਨ ਕੀਤੇ ਗਏ।

ਇਹ ਚੈਕਿੰਗ ਦ ਰੇਨੇਸਾਂਸ ਸੀਨੀਅਰ ਸੈਕੰਡਰੀ ਸਕੂਲ, ਬਲਾਕ ਨੰਗਲ ਅਤੇ ਮਾਊਂਟ ਕਾਰਮਲ ਸਕੂਲ, ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਵੱਲੋਂ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਨਿਯਮਾਂ ਅਤੇ ਲਾਜ਼ਮੀ ਸਹੂਲਤਾਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਵਧੀਕ ਰਿਜਨਲ ਟਰਾਂਸਪੋਰਟ ਅਫ਼ਸਰ ਸ. ਸਰਬਜੀਤ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਪ੍ਰਬੰਧਕਾਂ ਅਤੇ ਵਾਹਨ ਸੰਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਸਾਰੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣੀ ਲਾਜ਼ਮੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਦੇ ਨੁਮਾਇੰਦਿਆਂ ਨੇ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣਾ ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਸਬੰਧਤ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰੇਕ ਸਕੂਲੀ ਬੱਸ ਦਾ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣਾ ਅਤੇ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

ਚੈਕਿੰਗ ਮੁਹਿੰਮ ਦੌਰਾਨ ਸਕੂਲੀ ਬੱਸਾਂ ਵਿੱਚ ਸਪੱਸ਼ਟ ਨਿਸ਼ਾਨਦੇਹੀ, ਵੈਧ ਫਿਟਨੈੱਸ ਸਰਟੀਫਿਕੇਟ, ਫਸਟ ਏਡ ਬਾਕਸ, ਸੀ.ਸੀ.ਟੀ.ਵੀ. ਕੈਮਰੇ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ, ਐਮਰਜੈਂਸੀ ਨਿਕਾਸ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਲੋੜੀਂਦੇ ਪਰਮਿਟ ਅਤੇ ਹੋਰ ਨਿਰਧਾਰਤ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸ ਚਾਲਕਾਂ ਦੇ ਵੈਧ ਡਰਾਈਵਿੰਗ ਲਾਇਸੈਂਸ, ਤਜਰਬੇ, ਪੁਲਿਸ ਤਸਦੀਕ ਅਤੇ ਮੈਡੀਕਲ ਫਿਟਨੈੱਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਸਕੂਲੀ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦੀ ਤਾਇਨਾਤੀ ਅਤੇ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਕੀਤੇ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਚ ਰਿਜਨਲ ਟਰਾਂਸਪੋਰਟ ਵਿਭਾਗ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਟੀਮ ਨੇ ਭਾਗ ਲਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲੀ ਵਾਹਨਾਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਬੱਚਿਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਆ ਬਰਕਰਾਰ ਰਹੇ। ਅਜਿਹੀਆਂ ਚੈਕਿੰਗ ਮੁਹਿੰਮਾਂ ਦਾ ਉਦੇਸ਼ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਨਾਲ-ਨਾਲ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਦਾ ਮਾਹੌਲ ਯਕੀਨੀ ਬਣਾਉਣਾ ਹੈ।