Anganwadi workers will get a mobile data package of Rs 2 thousand per year for the sake of nutrition tracker app- Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ- ਡਿਪਟੀ ਕਮਿਸ਼ਨਰ
ਰੂਪਨਗਰ ਜ਼ਿਲ੍ਹੇ ਦੇ 872 ਆਂਗਣਵਾੜੀ ਸੈਂਟਰਾਂ ਨੂੰ ਮਿਲੇਗਾ ਇਹ ਲਾਭ, 8.6 ਲੱਖ ਦਾ ਬਜਟ ਰੂਪਨਗਰ ਲਈ ਮਨਜ਼ੂਰ
ਰੂਪਨਗਰ, 2 ਜੂਨ : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਹੇਠ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ 872 ਆਂਗਣਵਾੜੀ ਸੈਂਟਰਾਂ ਨੂੰ ਇਹ ਲਾਭ ਮਿਲੇਗਾ ਤੇ ਇਸ ਦੇ ਲਈ 8.6 ਲੱਖ ਦਾ ਬਜਟ ਮਨਜ਼ੂਰ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡੇਟਾ ਪੈਕੇਜ ਦੇ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਡੇਟਾ ਪੈਕੇਜ ਮਿਲਣ ਨਾਲ ‘ਪੋਸ਼ਣ ਟਰੈਕਰ’ ਮੋਬਾਈਲ ਐਪ ਤੇ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ।
ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ਤੇ ਅਪਲੋਡ ਕਰ ਸਕਣ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।