Awareness is the biggest protection for the health care of pregnant women: Dr. Ramandeep Kaur
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ ਰੂਪਨਗਰ
ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਹੀ ਸਭ ਤੋਂ ਵੱਡੀ ਸੁਰੱਖਿਆ: ਡਾ. ਰਮਨਦੀਪ ਕੌਰ
ਰੂਪਨਗਰ 14 ਜੁਲਾਈ: ਸਰਕਾਰੀ ਹਸਪਤਾਲ ਰੂਪਨਗਰ ਵਿਖੇ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਮਾਤਾ ਅਤੇ ਬੱਚਾ ਸਿਹਤ ਪ੍ਰੋਜੈਕਟ ਤਹਿਤ ਗਰਭਵਤੀ ਮਹਿਲਾਵਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀ ਸਿਹਤ ਸੰਭਾਲ, ਪੋਸ਼ਣ ਅਤੇ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ।
ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਦੇ ਗਾਇਨੀ ਰੋਗਾਂ ਦੇ ਡਾ. ਰਮਨਦੀਪ ਕੌਰ ਨੇ ਗਰਭਵਤੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ-ਸਮੇਂ ‘ਤੇ ਐਂਟੀਨੈਟਲ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨਿਯਮਿਤ ਜਾਂਚ ਰਾਹੀਂ ਮਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਸਕਦੀ ਹੈ ਅਤੇ ਕਿਸੇ ਵੀ ਸੰਭਾਵੀ ਪ੍ਰੇਸ਼ਾਨੀ ਦਾ ਸਮੇਂ ਸਿਰ ਇਲਾਜ ਸੰਭਵ ਹੋ ਜਾਂਦਾ ਹੈ।
ਇਸ ਦੌਰਾਨ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਨੇ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਲਈ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ, ਟੀਕਾਕਰਨ, ਸੁਰੱਖਿਅਤ ਜਣੇਪੇ ਦੀਆਂ ਸਹੂਲਤਾਂ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਉਪਲਬਧ ਕਰਵਾਈ ਜਾਂਦੀ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਤੇ ਆਪਣੇ ਬੱਚੇ ਦੀ ਸਿਹਤ ਪ੍ਰਤੀ ਸਚੇਤ ਰਹਿਣ।
ਪ੍ਰੋਗਰਾਮ ਦੌਰਾਨ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਸੀਨੀਅਰ ਮੈਡੀਕਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ, ਰੋਟਰੀ ਕਲੱਬ ਰੂਪਨਗਰ ਦੀ ਪ੍ਰਧਾਨ ਸ੍ਰੀਮਤੀ ਗਗਨ ਸੈਣੀ ਅਤੇ ਸਕੱਤਰ ਅਸ਼ੋਕ ਚੱਢਾ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਪੋਸ਼ਣ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਟੀਨ ਪਾਊਡਰ ਵੀ ਦਿੱਤਾ ਗਿਆ। ਇਸ ਪ੍ਰੋਜੈਕਟ ਦੀ ਚੇਅਰਪਰਸਨ ਡਾ. ਆਰਤੀ ਵਰਮਾ ਵੱਲੋਂ ਪ੍ਰੋਗਰਾਮ ਦੀ ਸੁਚੱਜੀ ਵਿਵਸਥਾ ਨੂੰ ਯਕੀਨੀ ਬਣਾਇਆ ਗਿਆ।
ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰ ਸ੍ਰੀਮਤੀ ਉਸ਼ਾ ਭਾਟੀਆ, ਕਿਰਨ, ਅਰੀਨਾ ਚਾਨਾਨਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
ਪ੍ਰੋਗਰਾਮ ਦੇ ਅੰਤ ਵਿੱਚ ਡਾਕਟਰਾਂ ਅਤੇ ਸਿਹਤ ਮਾਹਿਰਾਂ ਨੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਿਯਮਿਤ ਸਿਹਤ ਜਾਂਚਾਂ ਕਰਵਾਉਣ ਅਤੇ ਡਾਕਟਰੀ ਸਲਾਹ ਅਨੁਸਾਰ ਗਰਭ ਅਵਸਥਾ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਹਤ ਵਿਭਾਗ ਦਾ ਸਟਾਫ ਵੀ ਹਾਜ਼ਰ ਸੀ।