Awareness program organized at District Hospital Rupnagar on the occasion of World ORS Day
ਵਿਸ਼ਵ ਓਆਰਐਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ
ਦਸਤਾਂ ਤੋਂ ਬਚਾਅ ਲਈ ਓਆਰਐਸ ਅਤੇ ਜ਼ਿੰਕ ਦੀ ਸਮੇਂ ਸਿਰ ਵਰਤੋਂ ਅਪਣਾਉਣ ਦੀ ਅਪੀਲ
ਰੂਪਨਗਰ, 29 ਜੁਲਾਈ: ਸਹਾਇਕ ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਓਆਰਐਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਲੋਕਾਂ ਨੂੰ ਦਸਤਾਂ ਤੋਂ ਬਚਾਅ ਅਤੇ ਓਆਰਐਸ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਹਸਪਤਾਲ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਸਤਾਂ ਦੀ ਰੋਕਥਾਮ, ਸਹੀ ਇਲਾਜ ਅਤੇ ਓਆਰਐਸ ਦੇ ਸਹੀ ਇਸਤੇਮਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਨੇ ਦੱਸਿਆ ਕਿ ਦਸਤ ਛੋਟੇ ਬੱਚਿਆਂ ਵਿੱਚ ਬਿਮਾਰੀ ਅਤੇ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹਨ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਓਆਰਐਸ ਦਾ ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਦੇਣ ਨਾਲ ਜ਼ਿਆਦਾਤਰ ਗੰਭੀਰ ਸਥਿਤੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਸਤ ਲੱਗਣ ਕਾਰਨ ਸਰੀਰ ਵਿੱਚ ਪਾਣੀ ਅਤੇ ਲੂਣਾਂ ਦੀ ਕਮੀ ਹੋ ਜਾਂਦੀ ਹੈ, ਜਿਸ ਦੀ ਪੂਰਤੀ ਲਈ ਓਆਰਐਸ ਦਾ ਘੋਲ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਸਤ ਹੋਣ ਦੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਤੁਰੰਤ ਓਆਰਐਸ ਦਾ ਘੋਲ ਦੇਣਾ ਸ਼ੁਰੂ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।
ਡਾ. ਗੁਰਸੇਵਕ ਸਿੰਘ ਨੇ ਦੱਸਿਆ ਕਿ ਓਆਰਐਸ ਦਾ ਘੋਲ ਹਮੇਸ਼ਾ ਸਾਫ਼ ਅਤੇ ਉਬਾਲ ਕੇ ਠੰਢੇ ਕੀਤੇ ਪਾਣੀ ਨਾਲ ਹੀ ਤਿਆਰ ਕਰਨਾ ਚਾਹੀਦਾ ਹੈ। ਓਆਰਐਸ ਦਾ ਇੱਕ ਪੈਕੇਟ ਇੱਕ ਲੀਟਰ ਪਾਣੀ ਵਿੱਚ ਘੋਲ ਕੇ 24 ਘੰਟਿਆਂ ਦੇ ਅੰਦਰ ਵਰਤ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਸਤਾਂ ਦੌਰਾਨ ਬੱਚੇ ਨੂੰ ਮਾਂ ਦਾ ਦੁੱਧ ਅਤੇ ਆਮ ਖੁਰਾਕ ਜਾਰੀ ਰੱਖਣੀ ਚਾਹੀਦੀ ਹੈ ਕਿਉਂਕਿ ਖੁਰਾਕ ਬੰਦ ਕਰਨਾ ਬੱਚੇ ਦੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
ਉਨ੍ਹਾਂ ਸਫ਼ਾਈ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ, ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਰਤੋਂ ਕਰਨੀ, ਭੋਜਨ ਨੂੰ ਢੱਕ ਕੇ ਰੱਖਣਾ ਅਤੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣਾ ਦਸਤਾਂ ਤੋਂ ਬਚਾਅ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਬੱਚੇ ਨੂੰ ਵਾਰ-ਵਾਰ ਪਤਲੇ ਦਸਤ ਲੱਗ ਰਹੇ ਹੋਣ, ਉਲਟੀਆਂ ਆ ਰਹੀਆਂ ਹੋਣ, ਬੱਚਾ ਸੁਸਤ ਹੋ ਜਾਵੇ ਜਾਂ ਪਾਣੀ ਪੀਣ ਤੋਂ ਇਨਕਾਰ ਕਰੇ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਿਤੂ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਹਸਪਤਾਲ ਦਾ ਸਟਾਫ਼ ਵੀ ਹਾਜ਼ਰ ਸੀ।