Close

Civil Surgeon Rupnagar conducted surprise inspection of various health centers and Aam Aadmi clinics

Publish Date : 06/02/2026
Civil Surgeon Rupnagar conducted surprise inspection of various health centers and Aam Aadmi clinics

ਸਿਵਲ ਸਰਜਨ ਰੂਪਨਗਰ ਨੇ ਵੱਖ-ਵੱਖ ਸਿਹਤ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ

ਰੂਪਨਗਰ, 06 ਫਰਵਰੀ: ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ, ਆਮ ਆਦਮੀ ਕਲੀਨਿਕ ਪੀ.ਡਬਲਯੂ.ਡੀ. ਕਲੋਨੀ ਰੋਪੜ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਕੋਟਲਾ ਨਿਹੰਗ ਅਤੇ ਆਮ ਆਦਮੀ ਕਲੀਨਿਕ ਪੁਰਖਾਲੀ ਦਾ ਦੌਰਾ ਕਰਕੇ ਉੱਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਗਿਆ।

ਇਸ ਦੌਰੇ ਦੌਰਾਨ ਡਾ. ਨਵਰੂਪ ਕੌਰ ਨੇ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਓਪੀਡੀ ਸੇਵਾਵਾਂ, ਸਟਾਫ ਦੀ ਹਾਜ਼ਰੀ, ਮੁਫ਼ਤ ਦਵਾਈਆਂ ਦੀ ਉਪਲਬਧਤਾ, ਲੈਬ ਟੈਸਟਾਂ ਦੀ ਸਹੂਲਤ, ਟੀਕਾਕਰਨ ਪ੍ਰਬੰਧ ਅਤੇ ਰਿਕਾਰਡ ਸੰਭਾਲ ਪ੍ਰਣਾਲੀ ਦੀ ਜਾਂਚ ਕੀਤੀ। ਉਨ੍ਹਾਂ ਵਲੋਂ ਮੌਕੇ ‘ਤੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸੇਵਾਵਾਂ ਦੀ ਗੁਣਵੱਤਾ ਬਾਰੇ ਫੀਡਬੈਕ ਵੀ ਪ੍ਰਾਪਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਲਈ ਗਈ।

ਆਯੁਸ਼ਮਾਨ ਆਰੋਗਿਆ ਕੇਂਦਰ ਰੰਗੀਲਪੁਰ ਵਿਖੇ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਆਯੁਸ਼ਮਾਨ ਭਾਰਤ ਸਕੀਮ ਅਤੇ ਹੋਰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਯੋਗ ਵਿਅਕਤੀ ਸਰਕਾਰੀ ਲਾਭ ਪ੍ਰਾਪਤ ਕਰ ਸਕੇ। ਉਨ੍ਹਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਸੁਚੱਜਾ ਵਿਹਾਰ ਕੀਤਾ ਜਾਵੇ ਅਤੇ ਸਮੇਂ-ਸਿਰ ਇਲਾਜ ਯਕੀਨੀ ਬਣਾਇਆ ਜਾਵੇ।

ਆਮ ਆਦਮੀ ਕਲੀਨਿਕ ਪੀ.ਡਬਲਯੂ.ਡੀ. ਕਲੋਨੀ ਰੋਪੜ ਅਤੇ ਆਮ ਆਦਮੀ ਕਲੀਨਿਕ ਪੁਰਖਾਲੀ ਵਿਖੇ ਉਨ੍ਹਾਂ ਨੇ ਕਲੀਨਿਕਾਂ ਵਿੱਚ ਚੱਲ ਰਹੀਆਂ ਸੇਵਾਵਾਂ, ਜਿਵੇਂ ਕਿ ਮੁਫ਼ਤ ਜਾਂਚਾਂ, ਆਮ ਬਿਮਾਰੀਆਂ ਦਾ ਇਲਾਜ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਰਕਾਰ ਦੀ ਮਹੱਤਵਪੂਰਨ ਪਹਿਲ ਹੈ ਜਿਸਦਾ ਮੁੱਖ ਉਦੇਸ਼ ਲੋਕਾਂ ਨੂੰ ਨੇੜੇ ਹੀ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਲਈ ਹਰ ਸਿਹਤ ਕੇਂਦਰ ਵਿੱਚ ਸਫ਼ਾਈ, ਦਵਾਈਆਂ ਦਾ ਪੂਰਾ ਸਟਾਕ ਅਤੇ ਰਿਕਾਰਡ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

ਸਿਵਲ ਸਰਜਨ ਨੇ ਸਟਾਫ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੀਆਂ ਸੇਵਾਵਾਂ ਲੋਕਾਂ ਦੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਹਰ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕੇਂਦਰ ਵਿੱਚ ਕੋਈ ਕਮੀ ਪਾਈ ਗਈ ਤਾਂ ਉਸ ਨੂੰ ਤੁਰੰਤ ਦੂਰ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

ਡਾ. ਨਵਰੂਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸਿਹਤ ਵਿਭਾਗ ਦੀ ਟੀਮ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹਾ ਰੂਪਨਗਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।

ਇਸ ਮੌਕੇ ਵੱਖ-ਵੱਖ ਕੇਂਦਰਾਂ ਦੇ ਸਟਾਫ ਮੈਂਬਰ ਅਤੇ ਸਿਹਤ ਸੰਸਥਾਵਾਂ ਵਿਖੇ ਆਏ ਹੋਏ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਮੌਜੂਦ ਸਨ।