Civil Surgeon Rupnagar Dr. Raman Kumar Gupta conducted a surprise inspection of Civil Hospital Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਨੇ ਸਿਵਲ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ
ਰੂਪਨਗਰ, 20 ਅਪ੍ਰੈਲ: ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਲੋਕਾਂ ਤੱਕ ਗੁਣਵੱਤਾ ਵਾਲੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵੱਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਓਪੀਡੀ, ਫਾਰਮੇਸੀ, ਲੈਬੋਰਟਰੀ, ਐਕਸ-ਰੇ ਯੂਨਿਟ, ਜੱਚਾ -ਬੱਚਾ ਵਾਰਡ, ਲੇਬਰ ਰੂਮ, ਨਵੀਂ ਬਣ ਰਹੀ ਬਿਲਡਿੰਗ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਨਿਰੀਖਣ ਦੌਰਾਨ ਡਾ. ਰਮਨ ਕੁਮਾਰ ਗੁਪਤਾ ਨੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਿਵਲ ਸਰਜਨ ਨੇ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਨਰਮ ਅਤੇ ਸਹਿਯੋਗਪੂਰਣ ਵਿਵਹਾਰ ਕੀਤਾ ਜਾਵੇ ਤਾਂ ਜੋ ਹਸਪਤਾਲ ਆਉਣ ਵਾਲੇ ਹਰ ਵਿਅਕਤੀ ਨੂੰ ਵਧੀਆ ਤਜਰਬਾ ਮਿਲ ਸਕੇ।
ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਉਪਲਬਧ ਸਹੂਲਤਾਂ, ਦਵਾਈਆਂ ਦੀ ਉਪਲਬਧਤਾ ਅਤੇ ਡਿਊਟੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਵਿੱਚ ਮਰੀਜ਼ਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।
ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਗੁਪਤਾ ਨੇ ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਅੰਦਰ ਅਤੇ ਬਾਹਰ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਫ-ਸੁਥਰਾ ਵਾਤਾਵਰਨ ਮਰੀਜ਼ਾਂ ਦੀ ਜਲਦੀ ਸਿਹਤਯਾਬੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਤੋਂ ਇਲਾਵਾ ਬਾਇਓ-ਮੈਡੀਕਲ ਵੇਸਟ ਦੇ ਸਹੀ ਨਿਪਟਾਰੇ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ।
ਲੈਬੋਰਟਰੀ ਅਤੇ ਦਵਾਈ ਸਟੋਰ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਟੈਸਟਾਂ ਦੀ ਸਮੇਂ ਸਿਰ ਰਿਪੋਰਟ ਜਾਰੀ ਕਰਨ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਣਾਈ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹਰ ਸੰਭਵ ਸਹੂਲਤ ਦੇਣਾ ਸਾਡੀ ਤਰਜੀਹ ਹੈ।
ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਵਾਂ ਵਿੱਚ ਸਮੇਂ-ਸਮੇਂ ਤੇ ਨਿਰੀਖਣ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ. ਵਰਿੰਦਰ ਕੁਮਾਰ, ਡਾ. ਹਰਲੀਨ ਕੌਰ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਅਜੈ ਕੁਮਾਰ ਹਾਜਰ ਸਨ।