Close

Deputy Commissioner and SSP visited Civil Hospital Rupnagar and De-Addiction Center

Publish Date : 03/06/2025
Deputy Commissioner and SSP visited Civil Hospital Rupnagar and De-Addiction Center

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ-ਐਸ.ਐਸ.ਪੀ

ਰੂਪਨਗਰ, 03 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਅਤੇ ਨਸ਼ਾ ਛੁਡਾਊ ਕੇਂਦਰ ਰੂਪਨਗਰ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਐਂਮਰਜੈਂਸੀ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਦਾਖਲ ਮਰੀਜ਼ਾ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ।

ਉਨ੍ਹਾਂ ਸਿਵਲ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਸਟਾਫ਼ ਨੂੰ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ। ਮਰੀਜ਼ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ।

ਇਸ ਉਪਰੰਤ ਉਨ੍ਹਾਂ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਵੀ ਦੌਰਾ ਕੀਤਾ। ਉਨ੍ਹਾਂ ਨਸ਼ਾ ਛੂਡਾਉ ਕੇਂਦਰ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਤੇ ਰਿਕਾਰਡ ਚੈੱਕ ਕੀਤਾ। ਉਨ੍ਹਾਂ ਨਸ਼ਾ ਛੂਡਾਉ ਕੇਂਦਰ ’ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ ’ਤੇ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ।

ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ।

ਐਸਐਸਪੀ ਨੇ ਇਹ ਵੀ ਕਿਹਾ ਕਿ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦੇ ਉੱਤੇ ਕਾਬੂ ਪਾ ਕੇ ਤੇ ਆਉਣ ਵਾਲੀ ਪੀੜੀ ਨੂੰ ਇਸ ਦਲਦਲ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਸੰਜੀਵ ਕੁਮਾਰ, ਡੀਐਸਪੀ ਰਾਜਪਾਲ ਸਿੰਘ ਗਿੱਲ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਐੱਸਐੱਚਓ ਪਵਨ ਚੌਧਰੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।