Deputy Commissioner Himanshu Jain reviewed the ongoing works in urban and rural areas
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ਹਿਰੀ ਤੇ ਦਿਹਾਤੀ ਇਲਾਕਿਆਂ ‘ਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ
ਬੁਨਿਆਦੀ ਸੇਵਾਵਾਂ ਦੇ ਵੇਰਵਿਆਂ ਦੀ ਕੀਤੀ ਸਮੀਖਿਆ
ਰੂਪਨਗਰ, 19 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰੀ ਤੇ ਦਿਹਾਤੀ ਇਲਾਕਿਆਂ ਵਿਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।
ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ ਆਦਿ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ ਤੇ ਕਰਨ ਲਈ ਵੀ ਹਦਾਇਤ ਜਾਰੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਾਰਜ ਸਾਧਕ ਅਫਸਰ ਮੋਰਿੰਡਾ ਨੂੰ ਸ਼ਹਿਰ ਦਾ ਡਿਜੀਟਲ ਸਰਵੇ ਜਲਦ ਤੋਂ ਜਲਦ ਕਰਵਾਉਣ ਲਈ ਵੀ ਕਿਹਾ।
ਇਸ ਮੌਕੇ ਉਨ੍ਹਾਂ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿਚ ਲੋਕਾਂ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸੇਵਾਵਾਂ ਦੇ ਵੇਰਵਿਆਂ ਦੀ ਸਮੀਖਿਆ ਕੀਤੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ, ਪਾਣੀ ਦੀ ਨਿਕਾਸੀ, ਟੋਬਿਆਂ ਦੀ ਸਫ਼ਾਈ ਅਤੇ ਇਸ ਦੇ ਪਾਣੀ ਦੀ ਵਰਤੋਂ ਸਿੰਚਾਈ ਲਈ ਯਕੀਨੀ ਕਰਨ, ਮੋਰਿੰਡਾ ਵਿਖੇ ਪਾਣੀ ਦੀ ਸਮੱਸਿਆ ਦੇ ਹੱਲ ਆਦਿ ਬਾਰੇ ਵਿਸਤਾਰਿਤ ਗੱਲਬਾਤ ਕਰਕੇ ਇਨ੍ਹਾਂ ਮਾਮਲਿਆਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਲਈ ਕਿਹਾ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੈਂਡਿੰਗ ਕੰਮਾਂ ਦੇ ਟੈਂਡਰ ਜਲਦ ਤੋਂ ਜਲਦ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਬੀ. ਡੀ. ਪੀ. ਓ ਤੋਂ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਪ੍ਰਾਪਤ ਗ੍ਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ।
ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਦਫਤਰਾਂ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਨਾਲ ਹਲੀਮੀ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਆਮ ਲੋਕਾਂ ਦੀ ਕੋਈ ਵੀ ਸ਼ਿਕਾਇਤ ਨਹੀਂ ਆਉਣੀ ਚਾਹੀਦੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਬੀਡੀਪੀਓ ਰੂਪਨਗਰ ਰਵਿੰਦਰ ਸਿੰਘ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਬੀਡੀਪੀਓ ਨੂਰਪੁਰ ਬੇਦੀ ਰਾਜਵਿੰਦਰ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਹਰਬਖਸ਼ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਪਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਚਮਕੌਰ ਸਾਹਿਬ ਗੁਰਦੀਪ ਸਿੰਘ, ਕਾਰਜ ਸਾਧਕ ਅਫਸਰ ਨੰਗਲ ਮਨਵੀਰ ਸਿੰਘ ਗਿੱਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਹੋਏ।