Deputy Commissioner inspected the sowing of wheat with zero till machine at village Khabra
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਪਿੰਡ ਖਾਬੜਾ ਵਿਖੇ ਜ਼ੀਰੋ ਟਿੱਲ ਮਸ਼ੀਨ ਨਾਲ ਹੋ ਰਹੀ ਕਣਕ ਦੀ ਬਿਜਾਈ ਦਾ ਨਿਰੀਖਣ ਕੀਤਾ
ਰੂਪਨਗਰ, 15 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਿੰਡ ਖਾਬੜਾ ਵਿਖੇ ਜ਼ੀਰੋ ਟਿੱਲ ਡਰਿੱਲ ਮਸ਼ੀਨ ਨਾਲ ਹੋ ਰਹੀ ਕਣਕ ਦੀ ਬਿਜਾਈ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਉਨ੍ਹਾਂ ਤੋਂ ਪੁੱਛਿਆ ਕਿ ਤੁਸੀਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾ ਰਹੇ ਅਤੇ ਇਸ ਦਾ ਕਿੰਨਾ ਫਾਇਦਾ ਹੁੰਦਾ ਹੈ। ਜਿਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਨੇ ਦੱਸਿਆ ਕਿ ਮੈਂ ਪਰਾਲੀ ਨੂੰ ਅੱਗ ਨਹੀ ਲਗਾਉਂਦਾ, ਇਸ ਨੂੰ ਖੇਤ ਵਿੱਚ ਹੀ ਵਾਹ ਦਿੰਦਾ ਹਾਂ ਅਤੇ ਮੇਰਾ ਕਣਕ ਦਾ ਝਾੜ ਵੀ ਵਧੀਆ ਨਿਕਲਦਾ ਹੈ ਅਤੇ ਬਿਜਾਈ ਦਾ ਖਰਚ ਵੀ ਘੱਟ ਆਉਂਦੀ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪ ਸਭ ਦੇ ਸਹਿਯੋਗ ਤੇ ਅਗਾਂਹਵਧੂ ਸੋਚ ਸਦਕਾ ਹੀ ਪਿਛਲੇ ਸਾਲ ਤੋਂ ਜ਼ਿਲ੍ਹਾ ਰੂਪਨਗਰ ਵਿੱਚ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਜਿਸ ਦਾ ਸਿੱਧਾ ਲਾਭ ਵਾਤਾਵਰਣ ਅਤੇ ਜ਼ਮੀਨ ਨੂੰ ਮਿਲੇਗਾ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਦਾ ਝਾੜ ਵੀ ਵਧੇਗਾ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂਹੰਦ ਨੂੰ ਜਲਾ ਕੇ ਖੇਤ ਸਾਫ ਕਰਨ ਨਾਲ ਸਾਡੇ ਚੌਗਿਰਦੇ ਅਤੇ ਮਨੁੱਖੀ ਸਿਹਤ ਉਤੇ ਕਾਫੀ ਬੁਰੇ ਪ੍ਰਭਾਵ ਪੈਂਦੇ ਹਨ। ਅਜੌਕੇ ਸਮੇਂ ਦੀ ਲੋੜ ਹੈ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਅਜਿਹੇ ਹੱਲ ਲੱਭ ਕੇ ਦਿੱਤੇ ਜਾਣ ਜਿਸ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਸਹੀ ਨਿਪਟਾਰਾ ਹੋ ਸਕੇ ਅਤੇ ਨਾਲ ਹੀ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦਾ ਸੁਧਾਰ ਕੀਤਾ ਜਾ ਸਕੇ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਈ ਸਾਲਾਂ ਦੀ ਜਾਂਚ ਤੋਂ ਬਾਅਦ ਅਨੇਕਾਂ ਸੁਧਾਰ ਕਰਕੇ ਜ਼ੀਰੋ ਟਿੱਲ ਡਰਿਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫ਼ੇਸ ਸੀਡਰ ਨਾਂ ਦੀਆਂ ਮਸ਼ੀਨਾਂ ਵਿਕਸਿਤ ਕੀਤੀਆਂ ਗਈਆਂ ਹਨ ਜਿਸ ਨਾਲ ਝੋਨੇ ਦੀ ਕਟਾਈ (ਸੁਪਰ ਐਸ.ਐਮ.ਐਸ ਲੱਗੀ ਕੰਬਾਈਨ) ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।