Deputy Commissioner reviews progress of Chief Minister’s Health Insurance Scheme
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਜ਼ਿਲ੍ਹਾ ਵਾਸੀ
ਰੂਪਨਗਰ, 30 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਲਈ 22 ਜਨਵਰੀ ਨੂੰ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਤੇ ਜਿਸ ਅਧੀਨ ਹਰੇਕ ਨਾਗਰਿਕ ਨੂੰ ਕਵਰ ਕੀਤਾ ਜਾਣਾ ਹੈ।
ਸ਼੍ਰੀ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ।
ਉਨ੍ਹਾਂ ਦੱਸਿਆ ਕਿਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ,ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਇੰਪੈਨਲਡ ਹਸਪਤਾਲਾਂ ਵਿਚ ਲਾਭਪਾਤਰੀ ਅਪਣਾ ਇਲਾਜ ਕਰਵਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਾਉਣ ਲਈ ਹਰ ਪਿੰਡ ’ਚ ਕੈਂਪ ਲਾਏ ਜਾਣਗੇ ਤੇ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਬਿਨਾਂ ਕਿਸੇ ਫੀਸ ਦੇ ਕਾਰਡ ਬਣਾਏ ਜਾਣਗੇ। ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਆਧਾਰ ਕਾਰਡ ਤੇ ਵੋਟਰ ਕਾਰਡ, ਜਦਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਮਾਤਾ ਜਾਂ ਪਿਤਾ ਦਾ ਵੋਟਰ ਕਾਰਡ ਲਾਜ਼ਮੀ ਹੋਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਡਾ. ਸੰਜੀਵ ਗੌਤਮ, ਯੂਥ ਪ੍ਰਧਾਨ ਚੇਤਨ ਕਾਲੀਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।