Close

Deputy Commissioner reviews urban development works

Publish Date : 21/04/2026
Deputy Commissioner reviews urban development works

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਸਾਫ਼-ਸਫ਼ਾਈ ਅਤੇ ਮਾਨਸੂਨ ਤਿਆਰੀਆਂ ‘ਤੇ ਦਿੱਤਾ ਖਾਸ ਜ਼ੋਰ

ਰੂਪਨਗਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਐਸਡੀਐਮਜ਼ ਅਤੇ ਕਾਰਜ ਸਾਧਕ ਅਫ਼ਸਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰੀ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲਾਂ ਵਿਖੇ ਵਪਾਰਕ ਮੰਤਵ ਨਾਲ ਉਸਾਰੀਆਂ ਜਾ ਰਹੀਆਂ ਇਮਾਰਤਾਂ ਦੇ ਨਕਸ਼ੇ ਯਕੀਨੀ ਤੌਰ ਉੱਤੇ ਮੰਜ਼ੂਰਸ਼ੁਦਾ ਹੋਣ ਅਤੇ ਜੇਕਰ ਕੋਈ ਗੈਰ ਕਾਨੂੰਨੀ ਤਰੀਕੇ ਨਾਲ ਉਸਾਰੀ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੇ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਖਾਸ ਜ਼ੋਰ ਦਿੰਦਿਆਂ ਕਿਹਾ ਕਿ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਤੇਜ਼ੀ ਦੇਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਆਉਣ ਵਾਲੇ ਮਾਨਸੂਨ ਸੰਬੰਧੀ ਤਿਆਰੀਆਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਸ਼ਹਿਰੀ ਇਲਾਕਿਆਂ ਵਿਖੇ ਪਾਣੀ ਦੀ ਨਿਕਾਸੀ ਲਈ ਨਾਲਿਆਂ ਅਤੇ ਚੋਏ ਆਦਿ ਮੁਕੰਮਲ ਤੌਰ ਉੱਤੇ ਸਾਫ਼ ਕੀਤੇ ਜਾਣ ਜਿਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ 15 ਦਿਨਾਂ ਵਿੱਚ ਭੇਜੀ ਜਾਵੇ।

ਸੋਲਿਡ ਵੇਸਟ ਮੈਨੇਜਮੈਂਟ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੂੜੇ ਦੀ ਸੰਭਾਲ, ਵੱਖਰਾ-ਵੱਖਰਾ ਕੂੜਾ ਇਕੱਠਾ ਕਰਨਾ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਵਿੱਚ ਸਫ਼ਾਈ ਦੇ ਮਿਆਰ ਨੂੰ ਉੱਚਾ ਕੀਤਾ ਜਾ ਸਕੇ।

ਮੌਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫ਼ਾਈ ਅਤੇ ਡੀ-ਸਿਲਟਿੰਗ ਕਾਰਜਾਂ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਹ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਨਿਯਮਿਤ ਮਾਨੀਟਰਿੰਗ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਸ਼ਹਿਰ ਇਲਾਕਿਆਂ ਵਿੱਚ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਫ਼ ਪੀਣ ਵਾਲੇ ਦੀ ਸਪਲਾਈ ਯਕੀਨੀ ਜਾਵੇ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਦੇ ਸੈਂਪਲ ਭਰੇ ਜਾਣ ਅਤੇ ਨਿਰੰਤਰ ਟੈਸਟ ਕੀਤੇ ਜਾਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫਸਰ ਨੰਗਲ ਗੁਰਦੀਪ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਵੀ ਕੁਮਾਰ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਸਨ।