District Legal Services Authority Rupnagar launched the ‘Anti-Drug Punjab’ campaign from District Jail Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਦੀ ਜ਼ਿਲ੍ਹਾ ਜੇਲ੍ਹ ਰੂਪਨਗਰ ਤੋਂ ਸੁਰੂਆਤ ਕੀਤੀ
ਜ਼ਿਲ੍ਹੇ ਚ 1 ਅਕਤੂਬਰ ਤੋਂ 31 ਅਕਤੂਬਰ ਤੱਕ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ
ਰੂਪਨਗਰ, 1 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਚੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਿਲ੍ਹਾ ਰੂਪਨਗਰ ਵਿੱਚ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਇਹ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰ, ਪਿੰਡਾਂ, ਸਕੂਲਾਂ, ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ ਤੇ ਵੱਖ-ਵੱਖ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਜ਼ਿਲਾ ਜੇਲ੍ਹ, ਰੂਪਨਗਰ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕਰਕੇ ਕੀਤੀ ਗਈ।
ਇਸ ਸੈਮੀਨਾਰ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਜੇਲ੍ਹ ਵਿੱਚ ਸਥਾਪਤ ਓਟ ਕਲੀਨਿਕ (ਨਸ਼ਾ ਮੁਕਤੀ ਕੇਂਦਰ) ਦੇ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਜਾਣੂ ਕਰਵਾ ਕੇ ਉਹਨਾਂ ਨੂੰ ਆਪਣਾ ਜੀਵਨ ਸੁਚੱਜੇ ਢੰਗ ਨਾਲ ਜਿਊਣ ਬਾਰੇ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਗਲਬਾਤ ਕਰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਨਸ਼ਾ ਘਰ ਅਤੇ ਸਿਹਤ ਨੂੰ ਜੜ੍ਹੋਂ ਖ਼ਤਮ ਕਰ ਦਿੰਦਾ ਹੈ। ਅੱਜ- ਕੱਲ੍ਹ ਦੇਖਣ ਵਿੱਚ ਆਇਆ ਹੈ ਕਿ ਆਮ ਸਕੂਲ ਕਾਲਜ ਦੇ ਵਿਦਿਆਰਥੀ ਅਤੇ ਬਾਕੀ ਨੌਜਵਾਨ ਨਸ਼ਿਆਂ ਵਿਚ ਪੈ ਕੇ ਜ਼ੁਰਮ ਨੂੰ ਅੰਜਾਮ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਕਰਨ ਦੀਆਂ ਕਈ ਵਜ੍ਹਾ ਹਨ ਜਿਵੇਂ ਕਿ ਘਰੇਲੂ ਸਮੱਸਿਆਵਾਂ, ਪੀਅਰ ਗਰੁੱਪ ਪਰੈਸ਼ਰ, ਸ਼ੌਂਕ ਆਦਿ, ਇਸ ਮੁਹਿੰਮ ਦੇ ਅੰਤਰਗਤ ਸਿਹਤ ਵਿਭਾਗ ਦੇ ਕੌਂਸਲਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨਾਲ ਰਲ਼ ਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਕਾਉਂਸਲਿੰਗ ਕਰਨਗੇ।
ਇਸ ਵਿਚ ਸਾਂਝ ਕੇਂਦਰ, ਸਰਪੰਚ, ਪੰਚ, ਜ਼ਿਲਾ ਵਿਕਾਸ ਪੰਚਾਇਤ ਅਫ਼ਸਰ, ਬਲਾਕ ਵਿਕਾਸ ਪੰਚਾਇਤ ਅਫ਼ਸਰ, ਜ਼ਿਲਾ ਪੱਧਰ ਅਤੇ ਸਬ ਡਵੀਜ਼ਨ ਪੱਧਰ ਦੇ ਸਕੂਲ ਪੱਧਰ, ਪੁਲਿਸ, ਸਿਹਤ ਵਿਭਾਗ, ਆਂਗਣਵਾੜੀ ਵਰਕਰ, ਕੋਰਟ ਦੇ ਮੁਲਾਜ਼ਮ ਆਦਿ ਸਾਰੇ ਵਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਆਮ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।
ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਮੁਹਿੰਮ ਨਸ਼ਿਆਂ ਦੀ ਰੋਕਥਾਮ ਲਈ ਇੱਕ ਵੱਡਾ ਕਦਮ ਸਾਬਿਤ ਹੋਵੇਗੀ।
ਇਸ ਮੌਕੇ ਐੱਮ.ਡੀ. ਸਾਇਕੈਟਰੀ ਡਾ. ਕੰਵਰਬੀਰ ਸਿੰਘ ਗਿੱਲ, ਕਾਊਂਸਲਰ ਡੀ-ਅਡਿਕਸ਼ਨ ਸੈਂਟਰ ਸ੍ਰੀਮਤੀ ਪ੍ਰਭਜੋਤ ਕੌਰ, ਕਾਊਂਸਲਰ ਓਟ ਸੈਂਟਰ ਸ੍ਰੀਮਤੀ ਜਸਜੀਤ ਕੌਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।