Election Commission of India appointed observer Mr. Sandish Gupta reviewed the first level checking process of EVM and VVPAT at Rupnagar.

Publish Date : 12/11/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਅਬਜ਼ਰਵਰ ਸ਼੍ਰੀ ਸੰਦੀਸ਼ ਗੁਪਤਾ ਨੇ ਰੂਪਨਗਰ ਵਿਖੇ ਈ.ਵੀ.ਐੱਮ. ਅਤੇ ਵੀ.ਵੀ.ਪੈਟ ਦੀ ਫਸਟ ਲੈਵਲ ਚੈਕਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਰੂਪਨਗਰ, 12 ਨਵੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਅੱਜ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਅਬਜ਼ਰਵਰ ਸ਼੍ਰੀ ਸੰਦੀਸ਼ ਗੁਪਤਾ (ਈ.ਵੀ.ਐੱਮ. ਨੰ. ਜੰਮੂ ਅਤੇ ਕਸ਼ਮੀਰ) ਨੇ ਜ਼ਿਲ੍ਹਾ ਪੱਧਰੀ ਈ.ਵੀ.ਐੱਮ. ਵੇਅਰਹਾਊਸ, ਬੀ.ਆਰ. ਅੰਬੇਡਕਰ ਚੌਂਕ, ਰੂਪਨਗਰ ਵਿਖੇ ਈ.ਵੀ.ਐੱਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਹ ਪ੍ਰਕਿਰਿਆ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਚਲਾਈ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮਸ਼ੀਨਾਂ ਦੀ ਜਾਂਚ ਦੇ ਵੱਖ-ਵੱਖ ਪੜਾਵਾਂ ਅਤੇ ਤਕਨੀਕੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਈ.ਵੀ.ਐੱਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਕਰੀਬ ਤਿੰਨ ਹਫ਼ਤਿਆਂ ਅੰਦਰ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਇਹ ਵੀ ਜਾਇਜ਼ਾ ਲਿਆ ਕਿ ਜਾਂਚ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੀ ਕਾਰਵਾਈ ਸੀ.ਸੀ.ਟੀ.ਵੀ. ਦੀ ਨਿਗਰਾਨੀ ਅਤੇ ਵੀਡੀਓਗ੍ਰਾਫੀ ਹੇਠ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

ਅਬਜ਼ਰਵਰ ਸ਼੍ਰੀ ਸੰਦੀਸ਼ ਗੁਪਤਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦੌਰਾਨ ਨਿਯਮਿਤ ਤੌਰ ‘ਤੇ ਹਾਜ਼ਰ ਰਹਿਣ ਅਤੇ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।