Farmers should bring only dry paddy to the market – Chief Minister Field Officer

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ – ਮੁੱਖ ਮੰਤਰੀ ਫੀਲਡ ਅਫ਼ਸਰ
ਰੂਪਨਗਰ, 13 ਅਕਤੂਬਰ: ਮੁੱਖ ਮੰਤਰੀ ਫੀਲਡ ਅਫ਼ਸਰ ਸ. ਜਸਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ।
ਸ. ਜਸਜੀਤ ਸਿੰਘ ਨੇ ਕਿਹਾ ਕਿ ਸੁੱਕੇ ਝੋਨੇ ਨਾਲ ਖਰੀਦ ਦੀ ਪ੍ਰਕਿਰਿਆ ਤੇਜ਼ ਅਤੇ ਬਿਨਾ ਕਿਸੇ ਰੁਕਾਵਟ ਦੇ ਮੁਕੰਮਲ ਹੁੰਦੀ ਹੈ, ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਲਿਫਟਿੰਗ ਅਤੇ ਕਿਸਾਨਾਂ ਦਾ ਭੁਗਤਾਨ ਵੀ ਸਮੇਂ ਸਿਰ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੂਪਨਗਰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ, ਕਿਸਾਨ-ਹਿਤੈਸ਼ੀ ਅਤੇ ਪ੍ਰਭਾਵਸ਼ਾਲੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ 12 ਅਕਤੂਬਰ 2025 ਤੱਕ ਜ਼ਿਲ੍ਹੇ ਵਿੱਚ ਕੁੱਲ 39,181 ਮੀਟਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ 4,196 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 39,156 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 38,490 ਮੀਟਰਿਕ ਟਨ ਅਤੇ ਆੜਤੀਆਂ ਵੱਲੋਂ 666 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਹੀ ਇੱਕ ਦਿਨ ਵਿੱਚ ਕੁੱਲ 4,201 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਿਸ ਵਿੱਚੋਂ 4,135 ਮੀਟਰਿਕ ਟਨ ਸਰਕਾਰੀ ਏਜੰਸੀਆਂ ਅਤੇ 66 ਮੀਟਰਿਕ ਟਨ ਆੜਤੀਆਂ ਵੱਲੋਂ ਖਰੀਦੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕਿਰਿਆ ਵੀ ਸੁਚਾਰੂ ਤਰੀਕੇ ਨਾਲ ਜਾਰੀ ਹੈ। ਹੁਣ ਤੱਕ ਕੁੱਲ 31,302 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 12 ਅਕਤੂਬਰ 2025 ਨੂੰ ਹੀ 3,849 ਮੀਟਰਿਕ ਟਨ ਝੋਨਾ ਚੁੱਕਿਆ ਗਿਆ।
ਮੁੱਖ ਮੰਤਰੀ ਫੀਲਡ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ, ਪੰਜਾਬ ਸਰਕਾਰ ਵੱਲੋਂ 84.14 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜੋ ਕਿ ਬਕਾਇਆ ਰਕਮ ਦਾ 113 ਫ਼ੀਸਦੀ ਹੈ।