Health services are being provided to flood affected patients on priority basis – Dr. Balwinder Kaur
ਹੜ ਪ੍ਰਭਾਵਿਤ ਮਰੀਜ਼ਾਂ ਨੂੰ ਪਹਿਲ ਦੇ ਅਧਾਰ ‘ਤੇ ਦਿੱਤੀਆਂ ਜਾ ਰਹੀਆ ਹਨ ਸਿਹਤ ਸੇਵਾਵਾਂ – ਡਾ. ਬਲਵਿੰਦਰ ਕੌਰ
ਫ਼ੀਲਡ ਵਿੱਚ ਆਪ ਜਾ ਕੇ ਲਿਆ ਜਾ ਰਿਹਾ ਸਿਹਤ ਪ੍ਰਬੰਧਾਂ ਦਾ ਜਾਇਜ਼ਾ
ਕਿਸੀ ਵੀ ਤਰ੍ਹਾਂ ਦੀ ਕੋਈ ਵੀ ਐਮਰਜੈਂਸੀ ਹੋਵੇ ਤਾਂ ਤੁਰੰਤ ਸਿਵਲ ਸਰਜਨ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ
ਰੂਪਨਗਰ, 4 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਵੱਲੋਂ ਅੱਜ ਹੜ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਦੇ ਮੱਦੇ ਨਜ਼ਰ ਨਿਰੰਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਤਕਰੀਬਨ 33 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਜ਼ਿਲ੍ਹਾ ਹਸਪਤਾਲ ਰੋਪੜ ਅਧੀਨ 02, ਸ੍ਰੀ ਅਨੰਦਪੁਰ ਸਾਹਿਬ ਵਿਖੇ 02, ਨੰਗਲ ਵਿਖੇ 01, ਸ੍ਰੀ ਚਮਕੌਰ ਸਾਹਿਬ ਵਿਖੇ 05, ਮੋਰਿੰਡਾ ਵਿਖੇ 01, ਨੂਰਪੁਰ ਬੇਦੀ ਵਿਖੇ 07, ਭਰਤਗੜ ਵਿਖੇ 08, ਅਤੇ ਕੀਰਤਪੁਰ ਸਾਹਿਬ ਦੇ ਇਲਾਕੇ ਵਿਖੇ 07 ਮੈਡੀਕਲ ਰਿਸਪਾਂਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਇਸ ਦੇ ਨਾਲ ਹੀ 20 ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਇਲਾਵਾ 34 ਮੈਡੀਕਲ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਤਕਰੀਬਨ 769 ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ ਪੀੜਤ ਇਲਾਕਿਆਂ ਵਿੱਚ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਅਤੇ ਓ. ਆਰ.ਐਸ. ਦੇ ਪੈਕਟ ਵੰਡੇ ਜਾ ਰਹੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸ਼੍ਰੀ ਚਮਕੌਰ ਸਾਹਿਬ ਦੇ ਦਾਉਦਪੁਰ ਅਤੇ ਫੱਸੇ, ਨੂਰਪੁਰ ਬੇਦੀ ਬਲਾਕ ਦੇ ਸ਼ਾਹਪੁਰ ਬੇਲਾ ਅਤੇ ਬੱਸੀ ਅਤੇ ਕੀਰਤਪੁਰ ਸਾਹਿਬ ਦੇ ਚੰਦਪੁਰ ਬੇਲਾ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਨੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕੈਂਪਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।
ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਲੱਗੀਆਂ ਮੈਡੀਕਲ ਟੀਮਾਂ ਨਾਲ ਰਾਬਤਾ ਕਾਇਮ ਰੱਖਿਆ ਜਾਵੇ ਹੜਾਂ ਦੀ ਸਥਿਤੀ ਵਿੱਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਇਨ੍ਹਾਂ ਬਿਮਾਰੀਆਂ ਨੂੰ ਰੋਕਣ ਲਈ ਸਰਵੇ ਤੇ ਜਾਂਚ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਵੀ ਫੈਲਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਵੱਖ-ਵੱਖ ਸਰੋਤਾਂ ਤੋਂ ਸੈਂਪਲ ਭਰੇ ਜਾਣ ਅਤੇ ਇਨ੍ਹਾਂ ਦੀ ਸਟੇਟ ਲੈਬੋਰਟਰੀ ਤੋਂ ਟੈਸਟਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਠੰਡਾ ਕਰਨ ਉਪਰੰਤ ਪੀਣ ਲਈ ਪ੍ਰੇਰਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸੀ ਵੀ ਤਰ੍ਹਾਂ ਦੀ ਕੋਈ ਵੀ ਐਮਰਜੈਂਸੀ ਹੋਵੇ ਤਾਂ ਤੁਰੰਤ ਸਿਵਲ ਸਰਜਨ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਸਬੰਧਤ ਐਸ.ਐਮ.ਓਜ਼. ਨੂੰ ਵੀ ਕਿਹਾ ਕਿ ਦਵਾਈਆਂ ਦਾ ਸਟਾਕ ਪੂਰਾ ਹੋਣਾ ਚਾਹੀਦਾ ਹੈ ਤੇ ਹੜ ਪ੍ਰਭਾਵਿਤ ਖੇਤਰਾਂ ਵਿਚੋਂ ਆਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ ‘ਤੇ ਚੈਕਅੱਪ ਕੀਤਾ ਜਾਵੇ। ਉਨ੍ਹਾਂ ਸਟਾਫ਼ ਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜਰੂਰਤ ਅਨੁਸਾਰ ਫੋਗਿੰਗ ਵੀ ਕਰਵਾਈ ਜਾਵੇ।