Close

In view of the Republic Day, Rupnagar Police is fully committed for the safety of the people – SSP

Publish Date : 25/01/2025
In view of the Republic Day, Rupnagar Police is fully committed for the safety of the people - SSP

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ – ਐੱਸਐੱਸਪੀ

ਰੂਪਨਗਰ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ‘ਚ ਕੱਢੇ ਫਲੈਗ ਮਾਰਚ

ਰੂਪਨਗਰ, 25 ਜਨਵਰੀ: 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕੀਤਾ।

ਰੂਪਨਗਰ ਸ਼ਹਿਰ ਵਿੱਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਐੱਸਐੱਸਪੀ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਅਮਨ-ਅਮਾਨ ਨਾਲ ਨੇਪਰੇ ਚੜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਹਰ ਭੀੜ-ਭੜੱਕੇ ਵਾਲੀ ਜਗ੍ਹਾ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਵਿਅਕਤੀ ਮਹੌਲ ਨੂੰ ਖਰਾਬ ਨਾ ਕਰ ਸਕੇ।

ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸੁਰੱਖਿਆ ਦੇ ਮਕਸਦ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸਰ੍ਹਾਵਾਂ, ਹੋਟਲਾਂ ਅਤੇ ਢਾਬਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਇਸ ਮੌਕੇ ਐੱਸਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ, ਡੀਐਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।