Independence Day celebrated with full devotion, enthusiasm and national spirit in Morinda
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਮੋਰਿੰਡਾ ਵਿਖੇ ਆਜ਼ਾਦੀ ਦਿਵਸ ਪੂਰੀ ਸ਼ਰਧਾ, ਉਤਸ਼ਾਹ ਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ
ਐਸਡੀਐਮ ਸ੍ਰੀ ਚੇਤਨ ਬੰਗੜ ਨੇ ਲਹਿਰਾਇਆ ਤਿਰੰਗਾ ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ
ਮੋਰਿੰਡਾ, 15 ਅਗਸਤ:ਸਬ-ਡਵੀਜ਼ਨ ਮੋਰਿੰਡਾ ਦਾ ਆਜ਼ਾਦੀ ਦਿਵਸ ਸਮਾਰੋਹ ਅੱਜ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਵਿੱਚ ਐਸਡੀਐਮ ਸ੍ਰੀ ਚੇਤਨ ਬੰਗੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਸਮਾਗਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਬਣੀਆਂ।
ਇਸ ਮੌਕੇ ਆਪਣੇ ਸੰਦੇਸ਼ ਵਿੱਚ ਐਸਡੀਐਮ ਸ੍ਰੀ ਚੇਤਨ ਬੰਗੜ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀ ਕੁਰਬਾਨੀਆਂ ਅਤੇ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਇਸ ਪਵਿੱਤਰ ਮੌਕੇ ’ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ, ਸਮੂਹ ਸ਼ਹੀਦਾਂ, ਸੂਰਬੀਰਾਂ ਅਤੇ ਵੱਖ-ਵੱਖ ਆਜ਼ਾਦੀ ਦੀਆਂ ਲਹਿਰਾਂ ਵਿੱਚ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਵੱਧ-ਚੜ੍ਹ ਕੇ ਕੁਰਬਾਨੀਆਂ ਦਿੱਤੀਆਂ, ਜਿਸ ’ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਵੀ ਦਿੱਤਾ।
ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਵਿਦਿਆਰਥੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
ਇਸ ਮੌਕੇ ਬੀਡੀਪੀਓ ਸ੍ਰੀ ਲੈਨਿਨ ਗਰਗ, ਤਹਿਸੀਲਦਾਰ ਮੋਰਿੰਡਾ, ਪ੍ਰੋ. ਬੀਰਦਵਿੰਦਰ ਸਿੰਘ ਬੱਲਾ, ਹੋਰ ਉੱਚ ਅਧਿਕਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।