Close

It is necessary to give priority to environmentally friendly farming techniques to face the challenges facing agriculture in the future – Deputy Commissioner

Publish Date : 10/05/2023
It is necessary to give priority to environmentally friendly farming techniques to face the challenges facing agriculture in the future - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਭਵਿੱਖ ‘ਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਜ਼ਰੂਰੀ – ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਰੂਪਨਗਰ, 10 ਮਈ: ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਨਾੜ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਟੀਮਾਂ ਵੱਲੋਂ ਅੱਗ ਬੁਝਾਉਣ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।