KVK Ropar organizes farmer training camp under Khet Bachao Abhiyan-Hari 2026
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਖੇਤ ਬਚਾਓ ਅਭਿਆਨ-ਹਾੜ੍ਹੀ 2026 ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਵਾਤਾਵਰਣ-ਅਨੁਕੂਲ ਖੇਤੀ ਤਕਨੀਕਾਂ ਬਾਰੇ ਕੀਤਾ ਜਾਗਰੂਕ
ਰੂਪਨਗਰ, 29 ਅਕਤੂਬਰ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ‘ਖੇਤ ਬਚਾਓ ਅਭਿਆਨ-ਹਾੜ੍ਹੀ 2026’ ਤਹਿਤ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਅਤੇ ਟਿਕਾਊ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਅੱਜ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 42 ਕਿਸਾਨਾਂ ਨੇ ਭਾਗ ਲਿਆ। ਇਹ ਪ੍ਰੋਗਰਾਮ ਪੀ.ਏ.ਯੂ. ਦੇ ਨਿਰਦੇਸ਼ਕ, ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਕੈਂਪ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਨੇ ਕੀਤੀ।
ਇਸ ਅਭਿਆਨ ਦਾ ਮੁੱਖ ਉਦੇਸ਼ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ, ਖਾਦਾਂ ਦੀ ਲੋੜ ਅਨੁਸਾਰ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨਾ, ਪੌਸ਼ਟਿਕ ਤੱਤਾਂ ਦੇ ਟਿਕਾਊ ਪ੍ਰਬੰਧਨ ਨੂੰ ਅਪਣਾਉਣਾ ਅਤੇ ਪਾਣੀ ਸਮੇਤ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਹੈ। ਇਸ ਦੇ ਨਾਲ ਹੀ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨੂੰ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਸਿਖਲਾਈ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਸਿਫ਼ਾਰਸ਼ ਕੀਤੀਆਂ ਮਾਤਰਾਵਾਂ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਫ਼ਸਲਾਂ ਦਾ ਉਤਪਾਦਨ ਵਧਾਉਣ ਅਤੇ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ।
ਕੈਂਪ ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਸਿਖਲਾਈ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਨੂੰ ਸਲਾਹ ਦਿੱਤੀ ਗਈ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਹੈਪੀ ਸੀਡਰ, ਸੁਪਰ ਸੀਡਰ, ਪੀ.ਏ.ਯੂ. ਸਮਾਰਟ ਸੀਡਰ ਜਾਂ ਸਿੱਧੀ ਬਿਜਾਈ ਅਤੇ ਮਲਚਿੰਗ ਦੀਆਂ ਤਕਨੀਕਾਂ ਰਾਹੀਂ ਕਣਕ ਦੀ ਬਿਜਾਈ ਕੀਤੀ ਜਾਵੇ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਕਣਕ ਦੇ ਬੀਜ ਨੂੰ ਸਿਫ਼ਾਰਸ਼ ਕੀਤੇ ਰਸਾਇਣਾਂ ਨਾਲ ਸੋਧਣ ਅਤੇ ਬੀਜ ਨੂੰ ਜੀਵਾਣੂ ਖਾਦ ਦਾ ਟੀਕਾ ਲਗਾਉਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਹ ਉਪਰਾਲਾ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਵਾਤਾਵਰਣ-ਅਨੁਕੂਲ ਤੇ ਜਲਵਾਯੂ ਦੇ ਬਦਲਾਅ ਨੂੰ ਸਹਿਣ ਦੇ ਸਮਰੱਥ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ।