Legal awareness seminar and camp organized on the occasion of ‘Legal Services Day’
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
‘ਕਾਨੂੰਨੀ ਸੇਵਾਵਾਂ ਦਿਵਸ’ ਦੇ ਮੌਕੇ ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਕੀਤਾ ਗਿਆ ਆਯੋਜਿਤ
ਰੂਪਨਗਰ, 10 ਨਵੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਉਤੇ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਤੇ ਲੜਕੀਆਂ ਦੀ ਆਈਟੀਆਈ ਵਿਖੇ ‘ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਕੈਂਪ’ ਆਯੋਜਿਤ ਕੀਤਾ ਗਿਆ।
ਇਸ ਮੌਕੇ ਤੇ ਸੀਜੇਐਮ ਸ਼੍ਰੀਮਤੀ ਅਮਨਦੀਪ ਕੌਰ ਨੇ ‘ਕਾਨੂੰਨੀ ਸੇਵਾਵਾਂ ਦਿਵਸ’ ਅਤੇ ‘ਕਾਨੂੰਨੀ ਸੇਵਾਵਾਂ ਅਥਾਰਟੀ ਐਕਟ’ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਾਰਟੀ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਲੋੜਵੰਦਾਂ ਨੂੰ ਅਨਿਆਂ ਦੇ ਖਿਲਾਫ਼ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਗਰੀਬ ਨਾਗਰਿਕ ਨਿਆਂ ਪ੍ਰਾਪਤੀ ਤੋਂ ਵਾਂਝਾ ਨਾ ਰਹਿ ਜਾਵੇ। ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ- 15100 ਵੀ ਜਾਰੀ ਕੀਤਾ ਗਿਆ ਹੈ।
ਇਸ ਮੌਕੇ ਤੇ ਪੈਨਲ ਐਡਵੋਕੇਟ ਮਿਸ ਹਰਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਖਿਲਾਫ਼ ਚਾਈਲਡ ਹੈਲਪ ਲਾਈਨ-1098, ਔਰਤਾਂ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਵੋਮੈਨ ਹੈਲਪ-ਲਾਈਨ-1091 ਅਤੇ ਪੁਲਿਸ ਸਹਾਇਤਾ ਲਈ ਪੁਲਸ ਹੈਲਪ-ਲਾਈਨ-112 ਤੇ ਕਾਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 13 ਦਸੰਬਰ 2025 ਨੂੰ ਰੂਪਨਗਰ ਸ੍ਰੀ ਅਨੰਦਪੁਰ ਸਾਹਿਬ, ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਅਦਾਲਤਾਂ ਦੇ ਲੰਬਿਤ ਪਏ ਕੇਸਾਂ ਮੁਕਾਏ ਜਾਣਗੇ। ਇਸ ਮੌਕੇ ਤੇ ਔਰਤਾਂ, ਬੱਚਿਆਂ ਅਤੇ ਕਿਰਤੀਆਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ।