Close

Major operation by Rupnagar Police under the “War on Drugs” campaign – 7 people involved in drugs and gambling arrested, cash and narcotic powder recovered

Publish Date : 04/10/2025
Major operation by Rupnagar Police under the

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਰੂਪਨਗਰ ਪੁਲਿਸ ਦੀ ਵੱਡੀ ਕਾਰਵਾਈ — ਨਸ਼ੀਲੇ ਪਦਾਰਥਾਂ ਅਤੇ ਦੜੇ ਸੱਟੇ ਨਾਲ ਜੁੜੇ 7 ਵਿਅਕਤੀ ਗ੍ਰਿਫਤਾਰ, ਨਕਦ ਰਕਮ ਤੇ ਨਸ਼ੀਲਾ ਪਾਊਡਰ ਬਰਾਮਦ

ਰੂਪਨਗਰ, 04 ਅਕਤੂਬਰ – ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐਸ., ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ੇਬਾਜ਼ੀ ਅਤੇ ਦੜੇ ਸੱਟੇ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਕਰਨ ਦੇ ਆਦੀ ਵਿਅਕਤੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ ਕੁੱਲ 13 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੜੇ ਸੱਟੇ ਦਾ ਕੰਮ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ₹22,140 ਨਕਦ ਰਕਮ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ ਜੂਆ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਦੀ ਪੁਲਿਸ ਵੱਲੋਂ ਰਮਨਦੀਪ ਸਿੰਘ ਉਰਫ ਰਮਨ ਵਾਸੀ ਪਿੰਡ ਸਿੰਬਲ ਝੱਲੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਨੂਰਪੁਰਬੇਦੀ ਦੀ ਪੁਲਿਸ ਵੱਲੋਂ ਧਰਮਵੀਰ ਸਿੰਘ ਉਰਫ ਸੇਠੀ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬਾਲੇਵਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਸਿਟੀ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਹਰਚਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸੰਧਾਰੀ ਮਾਜਰਾ, ਥਾਣਾ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਖ਼ਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਥਾਣਾ ਨੰਗਲ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੜੇ ਸੱਟੇ ਦਾ ਕੰਮ ਕਰਨ ਵਾਲੇ ਸੋਨੂ ਕੁਮਾਰ ਵਾਸੀ ਰੇਲਵੇ ਰੋਡ ਨੰਗਲ ਨੇੜੇ ਸ਼ਕਤੀ ਧਾਮ ਝੁੱਗੀਆਂ, ਰੋਣਕ ਸਿੱਧੂ ਉਰਫ ਕਾਕੂ ਵਾਸੀ ਨੰਗਲ, ਅਸ਼ੋਕ ਕੁਮਾਰ ਉਰਫ ਜੋਗੀ ਵਾਸੀ ਰਾਮ ਨਗਰ ਹਾਥੀ ਮੱਥਾ ਗਲੀ ਨੰਗਲ ਅਤੇ ਮਾਨਵ ਵਾਸੀ ਇੰਦਰਾ ਨਗਰ ਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਪਾਸੋਂ ₹22,140 ਨਕਦ ਰਕਮ ਬਰਾਮਦ ਕੀਤੀ ਗਈ ਅਤੇ ਉਨ੍ਹਾਂ ਖ਼ਿਲਾਫ ਜੂਆ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਮ ਜਨਤਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਪੁਲਿਸ-ਪਬਲਿਕ ਤਾਲਮੇਲ ਮਜ਼ਬੂਤ ਕਰਨ ਲਈ ਗਜ਼ਟਿਡ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਉਸ ਦੇ ਪ੍ਰਬੰਧਨ ਦੇ ਵਿਕਲਪਕ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਅੰਤ ਵਿੱਚ, ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਪੁਲਿਸ ਦਾ ਪੂਰਾ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਸਮੱਗਲਿੰਗ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ’ਤੇ ਸਾਂਝੀ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।