On the occasion of the arrival of the new year, the district administration took the shelter of God
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਿਆ ਪ੍ਰਮਾਤਮਾ ਦਾ ਓਟ ਆਸਰਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਰੂਪਨਗਰ, 01 ਜਨਵਰੀ: ਨਵੇਂ ਵਰ੍ਹੇ 2025 ਦੀ ਆਮਦ ਦੇ ਮੌਕੇ ‘ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਮਵਾਰ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਆਰ.ਟੀ.ਏ. ਸ. ਗੁਰਵਿੰਦਰ ਸਿੰਘ ਜੌਹਲ, ਐੱਸ.ਡੀ.ਐਮ. ਰੂਪਨਗਰ ਸ੍ਰੀ ਸਚਿਨ ਪਾਠਕ, ਐੱਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਜਸਪ੍ਰੀਤ ਸਿੰਘ ਅਤੇ ਐੱਸ.ਡੀ.ਐਮ. ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐੱਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਆਮਦ ਮੌਕੇ ਮੁਬਾਰਕਬਾਦ ਦਿੰਦਿਆਂ ਸਭ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਬਾਣੀ ਦਾ ਓਟ ਆਸਰਾ ਲੈਣਾ ਚੰਗੀ ਪਿਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਸਾਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੱਚੇ ਦਿਲੋਂ ਲੋਕਾਂ ਦੀ ਸੇਵਾ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ।
ਇਸ ਮੌਕੇ ਰਾਗੀ ਸਿੰਘਾਂ ਵੱਲੋਂ ਗੁਰੂ ਜਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ।