ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਅਨਮਜੋਤ ਕੌਰ
ਜਨ ਸੁਨਾਵੀਂ ਕੈਂਪ ਲਗਾ ਕੇ ਪਿੰਡ ਬਹਿਰਾਮਪੁਰ ਬੇਟ, ਰਾਮਪੁਰ ਤੇ ਮੋਹਣ ਮਾਜਰਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ
ਸ਼੍ਰੀ ਚਮਕੌਰ ਸਾਹਿਬ, 19 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਰਹਿ ਰਹੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਹੱਲ ਜਨ ਸੁਨਾਵੀਂ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ ਨੇ ਜ਼ਿਲ੍ਹੇ ਅਧੀਨ ਸ਼੍ਰੀ ਚਮਕੌਰ ਸਾਹਿਬ ਬਲਾਕ ਦੇ ਪਿੰਡ ਬਹਿਰਾਮਪੁਰ ਬੇਟ ਦੀ ਧਰਮਸ਼ਾਲਾ ਵਿੱਚ ਲਗਾਏ ਗਏ ਇਸ ਕੈਂਪ ਦੌਰਾਨ ਬਹਿਰਾਮਪੁਰ ਬੇਟ, ਰਾਮਪੁਰ ਤੇ ਮੋਹਣ ਮਾਜਰਾ ਪਿੰਡਾਂ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ ਅਤੇ ਐਸਡੀਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਨੇ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਪਿੰਡ ਬਹਿਰਾਮਪੁਰ ਬੇਟ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ‘ਚ ਬੱਸ ਸਰਵਿਸ ਦੀ ਬਹੁਤੀ ਸਹੂਲਤ ਨਾ ਹੋਣ ਕਾਰਨ ਬਹਿਰਾਮਪੁਰ ਬੇਟ ਤੋਂ ਰੂਪਨਗਰ-ਚੰਡੀਗੜ੍ਹ ਦੀਆਂ ਬੱਸਾਂ ਦੇ ਬੰਦ ਪਏ ਰੂਟ ਚਲਾਏ ਜਾਣ, ਸ਼ਮਸ਼ਾਨ ਘਾਟ ਦੇ ਕੰਮ ਨੂੰ ਕਰਾਉਣ ਸੰਬੰਧੀ ਗ੍ਰਾਂਟ ਜਾਰੀ ਕਰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਘੱਟ ਕਮਰੇ ਹੋਣ ਕਾਰਨ ਹੋਰ ਕਮਰੇ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੱਗੇ ਆਪਣੀ ਅਪੀਲ ਰੱਖੀ ਗਈ। ਇਸ ਤੋਂ ਇਲਾਵਾ ਇਸ ਕੈਂਪ ਦੌਰਾਨ ਆਮ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ, ਜਿਨ੍ਹਾਂ ਚ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸ਼ਾਮਲ ਸਨ।
ਇਸ ਕੈਂਪ ਦੌਰਾਨ ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਬੀਡੀਪੀਓ ਸ. ਹਰਕੀਤ ਸਿੰਘ, ਨਾਇਬ ਤਹਿਸੀਲਦਾਰ ਸ. ਦਲਵਿੰਦਰ ਸਿੰਘ, ਸਿਹਤ ਵਿਭਾਗ ਤੋਂ ਐਸਐਮਓ ਡਾ. ਗੋਬਿੰਦ ਟੰਡਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀ ਸਮੇਤ ਆਮ ਲੋਕ ਹਾਜ਼ਰ ਸਨ।